ਨਿਕੰਮੇ ਸਿੱਖਿਆ ਮੰਤਰੀ ਸਿੰਗਲਾ ਨੂੰ ਤੁਰੰਤ ਬਰਖ਼ਾਸਤ ਕਰਨ ਕੈਪਟਨ-ਹਰਪਾਲ ਸਿੰਘ ਚੀਮਾ

TeamGlobalPunjab
2 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਨਿੱਜੀ ਸਕੂਲ ਬੱਸਾਂ/ਵੈਨਾਂ ਵਿੱਚ ਸਫ਼ਰ ਕਰਨ ਵਾਲੇ ਸਕੂਲੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਗੰਭੀਰ ਨਾ ਹੋਣ ਕਾਰਨ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤਾ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਪੁਰਾਣੀ ਮਾਰੂਤੀ ਸਕੂਲ ਵੈਨ ਵਿੱਚ ਮਾਰੇ ਗਏ ਚਾਰ ਮਾਸੂਮ ਬੱਚਿਆਂ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੁਰੰਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਉਨ੍ਹਾਂ ਦੇ ਪਦ ਤੋਂ ਬਰਖ਼ਾਸਤ ਕਰ ਦੇਣ।
ਚੀਮਾ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੈਪਟਨ ਸਰਕਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਹੀ ਮਾਸੂਮ ਬੱਚਿਆਂ ਦੀਆਂ ਜਾਨਾਂ ਗਈਆਂ ਹਨ, ਕਿਉਂਕਿ ਮਾਰੂਤੀ ਵੈਨ ਵਿਚ ਸਮਰੱਥਾ ਤੋਂ ਜ਼ਿਆਦਾ ਬੱਚੇ ਬਿਠਾਏ ਗਏ ਸਨ ਅਤੇ ਵੈਨ 20 ਸਾਲ ਤੋਂ ਜ਼ਿਆਦਾ ਪੁਰਾਣੀ ਸੀ ਜਿਸ ਦਾ ਰਜਿਸਟ੍ਰੇਸ਼ਨ ਵੀ ਨਹੀਂ ਸੀ। ਖਟਾਰਾ ਵੈਨ ਦਾ ਦਰਵਾਜ਼ਾ ਜਾਮ ਹੋਣ ਕਰ ਕੇ ਵੈਨ ਵਿਚ ਅੱਗ ਲੱਗਣ ਸਮੇਂ ਦਰਵਾਜ਼ਾ ਨਾ ਖੁੱਲਣ ਕਰ ਕੇ ਬੱਚੇ ਅੰਦਰ ਹੀ ਫਸ ਕੇ ਜਿੰਦਾ ਸੜ ਗਏ ਜੋ ਕਿ ਬੜੇ ਹੀ ਦੁੱਖ ਦੀ ਗੱਲ ਹੈ।
ਹਰਪਾਲ ਸਿੰਘ ਚੀਮਾ ਨੇ ਵਿਜੈ ਇੰਦਰ ਸਿੰਗਲਾ ਨੂੰ ਸੂਬੇ ਦਾ ਸਭ ਤੋਂ ਅਯੋਗ ਸਿੱਖਿਆ ਮੰਤਰੀ ਕਰਾਰ ਦਿੰਦਿਆਂ ਕਿਹਾ ਕਿ ਇਹ ਦਰਦਨਾਕ ਹਾਦਸਾ ਕੋਈ ਪਹਿਲਾ ਹਾਦਸਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਸਿੱਖਿਆ ਮੰਤਰੀ ਦੇ ਜ਼ਿਲ੍ਹੇ ਵਿਚ ਅਜਿਹੀਆਂ ਘਟਨਾਵਾਂ ਵਾਪਰ ਚੁੱਕਿਆਂ ਹਨ ਅਤੇ ਬੱਚਿਆਂ ਦੇ ਵਿਰੁੱਧ ਅੱਤਿਆਚਾਰ ਦੀਆਂ ਘਟਨਾਵਾਂ ਦਿਨੋ-ਦਿਨ ਵਧਦੀਆਂ ਹੀ ਜਾ ਰਹੀਆਂ ਹਨ।
‘ਆਪ’ ਆਗੂ ਨੇ ਸੂਬਾ ਸਰਕਾਰ ਨੂੰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਾਈ ਰੈਗੂਲੇਟਰੀ ਬਾਡੀ ਗਠਿਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀ ਕੁੰਭਕਰਨੀ ਨੀਂਦ ਤੋਂ ਜਾਗ ਕੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਗੰਭੀਰਤਾ ਨਾਲ ਲਵੇ ਅਤੇ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਵੇ ਤਾਂ ਕਿ ਭਵਿੱਖ ਵਿਚ ਅਜਿਹੀ ਦਰਦਨਾਕ ਘਟਨਾ ਨਾ ਵਾਪਰ ਸਕੇ।

Share this Article
Leave a comment