ਲੁਧਿਆਣਾ/ਚੰਡੀਗੜ:- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮਹਾਰਾਸ਼ਟਰ ਸਰਕਾਰ ਨੇ ਨੰਦੇੜ ਵਿੱਚ ਫਸੇ ਸ਼ਰਧਾਲੂਆਂ ਦੀ ਸਕਰੀਨਿੰਗ ਸਹੀ ਤਰੀਕੇ ਨਾਲ ਨਹੀਂ ਕੀਤੀ। ਮਹਾਰਾਸ਼ਟਰ ਸਰਕਾਰ ਦੀ ਇਸ ਗਲਤੀ ਕਾਰਨ ਹੀ ਪੰਜਾਬ ਵਿੱਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਏਨੀ ਵਧ ਗਈ ਹੈ। ਉਨਾਂ ਕਿਹਾ ਕਿ ਉਨਾਂ ਨੇ ਇਸ ਸੰਬੰਧੀ ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਤੋਪੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਨਾਖੁਸ਼ੀ ਪ੍ਰਗਟਾਈ ਹੈ।
ਸਿੱਧੂ ਨੇ ਕਿਹਾ ਕਿ ਜੇਕਰ ਮਹਾਰਾਸ਼ਟਰ ਸਰਕਾਰ ਵੱਲੋਂ ਇਸ ਸੰਬੰਧੀ ਪੰਜਾਬ ਸਰਕਾਰ ਨੂੰ ਸਮੇਂ ਸਿਰ ਦੱਸ ਦਿੱਤਾ ਜਾਂਦਾ ਤਾਂ ਪੰਜਾਬ ਸਰਕਾਰ ਵੱਲੋਂ ਇਨਾਂ ਸ਼ਰਧਾਲੂਆਂ ਦੀ ਇਸ ਤੋਂ ਵੀ ਜਿਆਦਾ ਉੱਚਿਤ ਸਿਹਤ ਸੰਭਾਲ ਲਈ ਪ੍ਰਬੰਧ ਕੀਤੇ ਜਾ ਸਕਦੇ ਸਨ। ਮਹਾਰਾਸ਼ਟਰ ਸਰਕਾਰ ਵੱਲੋਂ ਇਨਾਂ ਸ਼ਰਧਾਲੂਆਂ ਦਾ ਸਿਰਫ਼ ਸਰੀਰਕ ਬੁਖਾਰ ਹੀ ਚੈੱਕ ਕੀਤਾ ਗਿਆ। ਪੰਜਾਬ ਸਰਕਾਰ ਨੂੰ ਇਨਾਂ ਲੋਕਾਂ ਦੇ ਪਾਜ਼ੀਟਿਵ ਜਾਂ ਨੈਗੇਟਿਵ ਹੋਣ ਬਾਰੇ ਮੁਕੰਮਲ ਵੇਰਵੇ ਦੇਣੇ ਚਾਹੀਦੇ ਸਨ। ਤਾਂ ਜੋ ਇਨਾਂ ਨੂੰ ਲਿਆਉਣ ਅਤੇ ਰੱਖਣ ਲਈ ਵੱਖਰੇ ਤੌਰ ‘ਤੇ ਪ੍ਰਬੰਧ ਕੀਤੇ ਜਾਂਦੇ।
ਉਨਾਂ ਕਿਹਾ ਕਿ ਹਰੇਕ ਨੂੰ ਪਤਾ ਹੈ ਕਿ ਇਸ ਬਿਮਾਰੀ ਦੀ ਸ਼ੁਰੂਆਤ ਹੀ ਮਹਾਰਾਸ਼ਟਰ ਵਿੱਚ ਹੋਈ ਹੈ ਅਤੇ ਉਥੋਂ ਦੀ ਸਰਕਾਰ ਦੀ ਨਲਾਇਕੀ ਕਾਰਨ ਇਹ ਦੇਸ਼ ਦਾ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਬਣ ਗਿਆ ਹੈ। ਉਨਾਂ ਭਰੋਸਾ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਹਰ ਸੰਭਵ ਯਤਨ ਕਰਨ ਲਈ ਦ੍ਰਿੜ ਵਚਨਬੱਧ ਹੈ।