ਪੀ.ਏ.ਯੂ. ਦੇ ਵਾਈਸ ਚਾਂਸਲਰ ਵੱਲੋਂ ਸਰਕਾਰ ਦੇ ਫੈਸਲੇ ਦੀ ਸ਼ਲਾਘਾ

TeamGlobalPunjab
2 Min Read

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਬੀਤੇ ਦਿਨੀਂ ਵਿਧਾਨ ਸਭਾ ਵਿੱਚ ਪੇਸ਼ ਪੰਜਾਬ ਸਰਕਾਰ ਦੇ ਬਜਟ ਵਿੱਚ ਦੋ ਨਵੇਂ ਖੇਤੀਬਾੜੀ ਕਾਲਜ ਖੋਲ੍ਹਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਢਿੱਲੋਂ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਅਤੇ ਗੁਰਦਾਸਪੁਰ ਜ਼ਿਲਿ•ਆਂ ਵਿੱਚ ਨਵੇਂ ਕਾਲਜ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਹ ਕਾਲਜ ਨਵਾਂ ਸ਼ਹਿਰ ਜ਼ਿਲੇ ਦੇ ਪਿੰਡ ਬੱਲੋਵਾਲ ਸੌਂਖੜੀ ਅਤੇ ਗੁਰਦਾਸਪੁਰ ਜ਼ਿਲੇ ਦੇ ਕਲਾਨੌਰ ਵਿੱਚ ਖੋਲ੍ਹੇ ਜਾਣਗੇ। ਉਹਨਾਂ ਨੇ ਕਿਹਾ ਕਿ ਇਹਨਾਂ ਕਾਲਜਾਂ ਦੇ ਸਥਾਪਿਤ ਹੋਣ ਨਾਲ ਨਾ ਸਿਰਫ਼ ਮਿਆਰੀ ਖੇਤੀ ਸਿੱਖਿਆ ਦੂਰ ਦਰਾਜ ਦੇ ਵਿਦਿਆਰਥੀਆਂ ਤੱਕ ਪਹੁੰਚੇਗੀ ਬਲਕਿ ਇਹਨਾਂ ਇਲਾਕਿਆਂ ਵਿੱਚ ਆਰਥਿਕ ਵਿਕਾਸ ਦਾ ਰਸਤਾ ਵੀ ਖੁੱਲੇਗਾ।
ਡਾ. ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਅਤੇ ਪੂਰੇ ਦੇਸ਼ ਵਿੱਚ ਖੇਤੀ ਖੇਤਰ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣਾ ਸਭ ਤੋਂ ਮਹੱਤਵਪੂਰਨ ਹੈ। ਇਹਨਾਂ ਕਾਲਜਾਂ ਦਾ ਖੁੱਲ੍ਹਣਾ ਯੂਨੀਵਰਸਿਟੀ ਵੱਲੋਂ ਖੇਤੀ ਖੇਤਰ ਵਿੱਚ ਕੀਤੀ ਜਾ ਰਹੀ ਖਿੱਤਾ ਆਧਾਰਿਤ ਖੇਤੀ ਖੋਜ ਨੂੰ ਹੋਰ ਮਜ਼ਬੂਤ ਕਰੇਗਾ। ਇਹਨਾਂ ਇਲਾਕਿਆਂ ਦੇ ਕਿਸਾਨ ਖੇਤੀ ਸੰਬੰਧੀ ਆਉਂਦੀਆਂ ਮੁਸ਼ਕਿਲਾਂ ਲਈ ਆਪਣੇ ਇਲਾਕੇ ਵਿੱਚ ਸਥਾਪਿਤ ਕਾਲਜਾਂ ਦੇ ਮਾਹਿਰਾਂ ਤੋਂ ਰਾਇ ਲੈ ਸਕਣਗੇ।
ਪੀ.ਏ.ਯੂ. ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬਦਲਦੇ ਖੇਤੀ ਦ੍ਰਿਸ਼ ਦੇ ਮੱਦੇਨਜ਼ਰ ਬੀ ਐਸ ਸੀ ਐਗਰੀਕਲਚਰ ਦਾ ਸੋਧਿਆ ਹੋਇਆ ਪਾਠਕ੍ਰਮ ਖੇਤੀ ਖੇਤਰ ਦੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਰਾਜ ਵਿੱਚ ਰੁਜ਼ਗਾਰ ਦੇ ਨਵੇਂ ਮੌਕਿਆਂ ਦੀ ਤਲਾਸ਼ ਲਈ ਕੀਤੀ ਕੋਸ਼ਿਸ਼ ਹੈ। ਉਹਨਾਂ ਕਿਹਾ ਕਿ ਵਰਤਮਾਨ ਸਮੇਂ ਪੀ.ਏ.ਯੂ. ਦਾ ਖੇਤੀਬਾੜੀ ਕਾਲਜ ਮਿਆਰੀ ਖੇਤੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਜਿਸ ਤੋਂ ਲਾਹਾ ਲੈ ਕੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪੱਧਰ ਦੇ ਵਿਦਿਆਰਥੀ ਖੇਤੀ ਦੀ ਦਿਸ਼ਾ ਅਤੇ ਦਸ਼ਾ ਸੁਧਾਰਨ ਲਈ ਨਿਰੰਤਰ ਯਤਨਸ਼ੀਲ ਹਨ।

Share This Article
Leave a Comment