ਮਾਨਸਾ: ਇਕ ਪਾਸੇ ਭਾਰਤ ਦੇ ਲੋਕ ਕੋਰੋਨਾ ਮਹਾਂਮਾਰੀ ਨਾਲ ਲੜ ਰਹੇ ਹਨ ਦੂਸਰੇ ਪਾਸੇ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨਾਲ ਰੋਜ਼ਾਨਾ ਦੀ ਜ਼ਿੰਦਗੀ ਤੇ ਪ੍ਰਭਾਵ ਪੈ ਰਿਹਾ ਹੈ । ਪਿਛਲੇ ਸਮੇਂ ਤੋਂ ਲਗਾਤਾਰ ਦਿਨ-ਬ-ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਅੱਜ ਯੂਥ ਕਾਂਗਰਸ ਜ਼ਿਲ੍ਹਾ ਮਾਨਸਾ ਦੀ ਟੀਮ ਵੱਲੋਂ ਸ਼ਹਿਰ ਵਿਚ ਹੱਥਾਂ ਦੇ ਵਿੱਚ ਤਖ਼ਤੀਆਂ ਫੜ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨੀਂ ਚੜ੍ਹ ਰਹੀਆਂ ਕੀਮਤਾਂ ਨੂੰ ਲੈ ਕੇ ਹਰ ਵਰਗ ਪ੍ਰੇਸ਼ਾਨ ਹੈ ਜਿਸ ਦੇ ਚਲਦਿਆਂ ਅੱਜ ਯੂਥ ਕਾਂਗਰਸ ਵੱਲੋਂ ਮਾਨਸਾ ਵਿੱਚ ਤਖਤੀਆਂ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ । ਜਾਣਕਾਰੀ ਦਿੰਦਿਆਂ ਯੂਥ ਕਾਂਗਰਸ ਦੇ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਇਕ ਪਾਸੇ ਕਿਸਾਨਾਂ ਉੱਤੇ ਤਸ਼ੱਦਦ ਢਾਹ ਰਹੀ ਹੈ ਅਤੇ ਦੂਸਰੇ ਪਾਸੇ ਆਮ ਇਨਸਾਨ ਦੀ ਰੋਜ਼ਮੱਰ੍ਹਾ ਦੀ ਜ਼ਰੂਰਤਾ ਉੱਤੇ ਵਾਧੂ ਟੈਕਸ ਲਗਾ ਕੇ ਹਰ ਵਰਗ ਨੂੰ ਪ੍ਰੇਸ਼ਾਨ ਕਰਨ ਉਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗੈਸ ਸਿਲੰਡਰਾਂ ਵਿੱਚ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਅਤੇ ਫਿਰ ਰੋਜ਼ਾਨਾ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ ਜੋ ਲਗਪਗ ਸੌ ਦੇ ਨਜ਼ਦੀਕ ਪਹੁੰਚ ਚੁੱਕਿਆ ਹੈ । ਜਿਸ ਨੂੰ ਖ਼ਰੀਦਣਾ ਹਰ ਇਨਸਾਨ ਦੇ ਵੱਸ ਦੀ ਗੱਲ ਨਹੀਂ । ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਦੇ ਕੰਮ ਠੱਪ ਪਏ ਹਨ ਅਤੇ ਦੂਸਰੇ ਪਾਸੇ ਸਰਕਾਰ ਮਹਿੰਗਾਈ ਕਰਨ ਉਤੇ ਲੱਗੀ ਹੋਈ ਹੈ।ਸਰਕਾਰ ਨੂੰ ਚਾਹੀਦਾ ਹੈ ਕਿ ਮੰਦੀ ਦੀ ਮਾਰ ਝੱਲ ਰਹੇ ਲੋਕਾਂ ਲਈ ਸੁਵਿਧਾਵਾਂ ਸਹੂਲਤਾਂ ਦੇਵੇ ਪਰ ਕੇਂਦਰ ਸਰਕਾਰ ਤਾਂ ਮਹਿੰਗਾਈ ਕਰਨ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅੱਜ ਭਾਰਤ ਦੇ ਭਵਿੱਖ ਬਾਰੇ ਸੋਚਣਾ ਚਾਹੀਦਾ ਹੈ ਕਿਉਂਕਿ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਹਰ ਵਿਅਕਤੀ ਮੰਦੀ ਦੀ ਮਾਰ ਝੱਲ ਰਿਹਾ ਹੈ ਤੇ ਉਹ ਹੋਰ ਵਸਤੂਆਂ ਮਹਿੰਗੀਆਂ ਨਹੀਂ ਖਰੀਦ ਸਕਦਾ ਜਿਸ ਕਰਕੇ ਕੇਂਦਰ ਸਰਕਾਰ ਨੂੰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨੀ ਚਾਹੀਦੀ ਹੈ ਤਾਂ ਜੋ ਹਰ ਵਰਗ ਨੂੰ ਸਹੂਲਤ ਮਿਲ ਸਕੇ। ਉਸੇ ਦੇ ਚੱਲਦਿਆਂ ਅੱਜ ਸਾਰੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ ਹੈ।