ਚੰਡੀਗੜ੍ਹ : (ਦਰਸ਼ਨ ਸਿੰਘ ਖੋਖਰ ); ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਦੀ ਅਦਾਲਤ ਨੇ 28 ਨਵੰਬਰ 2021 ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ ।
ਸ਼੍ਰੋਮਣੀ ਅਕਾਲੀ ਦਲ ਦੇ ਦੋ ਵਿਧਾਨ ਹੋਣ ਕਾਰਨ ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਖ਼ਿਲਾਫ਼ ਧੋਖਾਧੜੀ ਦਾ ਕੇਸ 2017 ਵਿੱਚ ਕੀਤਾ ਸੀ। ਇਨ੍ਹਾਂ ਤਿੰਨਾਂ ਆਗੂਆਂ ਨੂੰ ਅਦਾਲਤ ਨੇ ਪੇਸ਼ ਹੋਣ ਦੇ ਹੁਕਮ ਸੁਣਾਏ ਸਨ। ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਤਾਂ ਅਦਾਲਤ ਵਿਚ ਪੇਸ਼ ਹੁੰਦੇ ਰਹੇ ਸਨ ਤੇ ਉਨ੍ਹਾਂ ਬਕਾਇਦਾ ਜਮਾਨਤ ਵੀ ਕਰਵਾ ਲਈ ਹੈ ਪਰ ਪ੍ਰਕਾਸ਼ ਸਿੰਘ ਬਾਦਲ ਇੱਕ ਵਾਰ ਵੀ ਅਦਾਲਤ ਵਿੱਚ ਪੇਸ਼ ਨਹੀਂ ਹੋਏ ਜਿਸ ਕਾਰਨ ਉਨ੍ਹਾਂ ਨੂੰ ਹੁਣ 28 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਕੋਲ ਜੋ ਹਲਫ਼ੀਆ ਬਿਆਨ ਦਿੱਤਾ ਗਿਆ ਹੈ ਉਸ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੂੰ ਧਰਮ ਨਿਰਪੱਖ ਪਾਰਟੀ ਕਿਹਾ ਗਿਆ ਹੈ ਜਦਕਿ ਗੁਰਦੁਆਰਾ ਕਮਿਸ਼ਨਾਂ ਕੋਲ ਦਿੱਤੇ ਹਲਫ਼ੀਆ ਬਿਆਨ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਧਰਮ ਨਾਲ ਸਬੰਧਤ ਪਾਰਟੀ ਹੈ ਜੋ ਬਕਾਇਦਾ ਸ਼੍ਰੋਮਣੀ ਕਮੇਟੀ ਚੋਣਾਂ ਲੜਦੀ ਹੈ। ਵੱਖ ਵੱਖ ਬਿਆਨ ਦੇਣ ਕਾਰਨ ਬਲਵੰਤ ਸਿੰਘ ਖੇੜਾ ਨੇ ਇਨ੍ਹਾਂ ਤਿੰਨਾਂ ਅਕਾਲੀ ਆਗੂਆਂ ਅਤੇ ਧੋਖਾਧੜੀ ਦਾ ਕੇਸ ਠੋਕ ਦਿੱਤਾ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਇਸ ਕੇਸ ਨੂੰ ਚਲਾਉਣ ਦੀ ਪ੍ਰਵਾਨਗੀ ਦਿੱਤੀ ਹੋਈ ਹੈ । ਲੰਘੀ ਕੱਲ ਜਦੋਂ ਅਦਾਲਤ ਵਿਚ ਸੁਣਵਾਈ ਹੋਣ ਲੱਗੀ ਤਾਂ ਜੱਜ ਨੇ ਗਵਾਹੀਆਂ ਕਰਾਉਣ ਲਈ ਕਿਹਾ ਪਰ ਵਿਰੋਧੀ ਧਿਰ ਦੇ ਵਕੀਲ ਨੇ ਕਿਹਾ ਕਿ ਇਕ ਮੁਲਜ਼ਮ ਪ੍ਰਕਾਸ਼ ਸਿੰਘ ਬਾਦਲ ਤਾਂ ਅਦਾਲਤ ਵਿੱਚ ਕਦੇ ਵੀ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਨੂੰ ਪੇਸ਼ ਹੋਕੇ ਜ਼ਮਾਨਤ ਕਰਵਾਉਣੀ ਪਵੇਗੀ, ਉਸ ਤੋਂ ਬਾਅਦ ਹੀ ਗਵਾਹੀਆਂ ਹੋ ਸਕਦੀਆਂ ਹਨ । ਫਿਰ ਅਦਾਲਤ ਨੇ ਵਿਰੋਧੀ ਧਿਰ ਦੇ ਵਕੀਲਾਂ ਦੀਆਂ ਦਲੀਲਾਂ ਨੂੰ ਮੰਨਦਿਆਂ ਪ੍ਰਕਾਸ਼ ਸਿੰਘ ਬਾਦਲ ਨੂੰ ਖੁਦ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ।