ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਚੰਨੀ ਸਰਕਾਰ ਵੱਲੋਂ ਤਾਰਪੀਡੋ ਕਰਨਾ ਬੇਹੱਦ ਮੰਦਭਾਗਾ ਤੇ ਦੁਖਦਾਈ: ਸੁਖਦੇਵ ਸਿੰਘ ਢੀਂਡਸਾ

TeamGlobalPunjab
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ  ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ- ਨਾਲ ਫਿ਼ਰੋਜ਼ਪੁਰ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਆਯੋਜਤ ਰੈਲੀ ਨੂੰ ਪੰਜਾਬ ਸਰਕਾਰ ਵੱਲੋਂ ਤਾਰਪੀਡੋ ਕੀਤਾ ਜਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਵੀ ਬਣਦੀ ਹੈ ਅਤੇ ਇਸ ਸੁਰੱਖਿਆ ਵਿੱਚ ਹੋਈ ਕੋਤਾਹੀ ਲਈ ਸਿੱਧੇ ਤੌਰ `ਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਸੂਬਾ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਅਪਮਾਨਜਨਕ ਵਿਵਹਾਰ ਕੀਤਾ ਜਾਣਾ ਬੇਹੱਦ ਮੰਦਭਾਗਾ ਹੈ।

 ਢੀਂਡਸਾ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ `ਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖ਼ੁਦ ਉਨ੍ਹਾਂ ਦਾ ਸਵਾਗਤ ਕਰਨ ਲਈ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਕੀਤੀ ਜਾਂਦੀ ਆਓ-ਭਗਤ ਦੁਨੀਆ ਭਰ ਵਿੱਚ ਮਸ਼ਹੂਰ ਹੈ ਪਰ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਦਾ ਅਪਮਾਨ ਕਰਕੇ ਲੋਕਾਂ ਸਾਹਮਣੇ ਆਪਣੀ ਤੰਗਦਿਲੀ ਦਾ ਸਬੂਤ ਦਿੱਤਾ ਹੈ।

 ਢੀਂਡਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਤਾਹੀ ਚੰਨੀ ਸਰਕਾਰ ਦੀ ਨਲਾਇਕੀ ਦਾ ਸਬੂਤ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਹਿਲਾਂ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੈਂਟ ਕੀਤੀ ਜਾਣੀ ਸੀ ਅਤੇ ਉਸ ਉਪਰੰਤ ਫਿ਼ਰੋਜ਼ਪੁਰ ਵਿਖੇ ਕਰੋੜਾਂ ਰੁਪਏ ਦੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਭਾਜਪਾ ਦੀ ਰੈਲੀ ਵਿੱਚ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਰਾਹਤ ਦਿੰਦਿਆਂ ਆਰਥਿਕ ਪੈਕੇਜ ਆਦਿ ਦਾ ਐਲਾਨ ਕੀਤਾ ਜਾਣਾ ਸੀ ਪਰ ਸੂਬੇ ਵਿੱਚ ਸੱਤਾਧਾਰੀ ਕਾਂਗਰਸ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਤਾਰਪੀਡੋ ਕਰਕੇ ਪੰਜਾਬੀਆਂ ਦੀ ਆਸਾਂ `ਤੇ ਪਾਣੀ ਫੇਰ ਦਿੱਤਾ ਹੈ।

Share this Article
Leave a comment