ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤੀ ਸਬੰਧੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਢੀਂਡਸਾ ਨੇ ਕੀਤਾ ਸਵਾਗਤ

TeamGlobalPunjab
1 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਸਬੰਧੀ ਤਿੰਨ ਖੇਤੀ ਕਾਲੇ ਕਾਨੂੰਨ ਰੱਦ ਕਰਨ ਦੇ ਕੀਤੇ ਗਏ ਐਲਾਨ ਦਾ ਸਵਾਗਤ ਕੀਤਾ ਹੈ। ਢੀਂਡਸਾ ਨੇ ਇਸ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਇਸ ਨੂੰ ਦੇਰੀ ਨਾਲ ਚੁੱਕਿਆ ਗਿਆ ਸਹੀ ਕਦਮ ਦੱਸਿਆ ਹੈ। ਇਸ ਦੇ ਨਾਲ ਹੀ ਢੀਂਡਸਾ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਬਕਾਇਆਂ ਵਾਜਬ ਮੰਗਾਂ ਨੂੰ ਵੀ ਮੰਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਉਣ ਵਾਲੇ ਪਾਰਲੀਮੈਂਟ ਸੈਸ਼ਨ ਵਿੱਚ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰਨ ਸਬੰਧ ਸੰਵਿਧਾਨਕ ਪ੍ਰਕੀਰਿਆ ਮੁਕੰਮਲ ਕਰਨ ਲਈ ਵੀ ਆਖਿਆ ਹੈ।

ਢੀਂਡਸਾ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਵੀ ਇਸ ਦੇ ਲਈ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਇਹ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੈ ਜੋ ਪਿਛਲੇ ਕਰੀਬ ਇੱਕ ਸਾਲ ਤੋਂ ਅਨੇਕਾਂ ਔਕੜਾਂ ਸਹਿ ਕੇ ਵੀ ਅੰਦੋਲਨ ਵਿੱਚ ਡਟੇ ਰਹੇ। ਸ: ਢੀਂਡਸਾ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਉਚਿਤ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕੀਤੀ ਹੈ।

Share this Article
Leave a comment