ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਪੰਜਾਬ ਭਰ ਵਿੱਚ ਰੋਜ਼ਗਾਰ ਮੇਲੇ ਲਵਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਦੀ ਪਹਿਲਕਦਮੀ: ਸੁਖਵਿੰਦਰ ਸਿੰਘ ਬਿੰਦਰਾ

TeamGlobalPunjab
4 Min Read

ਚੰਡੀਗੜ੍ਹ: ਨੌਜਵਾਨਾਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਪੰਜਾਬ ਯੂਥ ਵਿਕਾਸ ਬੋਰਡ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਸਹਿਯੋਗ ਨਾਲ ਹਰੇਕ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਰੋਜ਼ਗਾਰ ਮੇਲੇ ਲਾਉਣ ਦੀ ਵੱਡੀ ਪਹਿਲਕਦਮੀ ਉਲੀਕੀ ਹੈ, ਜਿਸ ਲਈ ਬੋਰਡ ਦੇ ਮੈਂਬਰਾਂ ਵੱਲੋਂ ਨੌਜਵਾਨਾਂ ਨੂੰ ਲਾਮਬੰਦ ਕਰ ਕੇ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਲਿਆ ਕੇ ਰੋਜ਼ਗਾਰ ਯਕੀਨੀ ਬਣਾਇਆ ਜਾਂਦਾ ਹੈ।

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਪਰਗਟ ਸਿੰਘ, ਜਿਹੜੇ ਖ਼ੁਦ ਸਾਬਕਾ ਹਾਕੀ ਓਲੰਪੀਅਨ ਕਪਤਾਨ ਹਨ, ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਜੜ੍ਹ ਖ਼ਤਮ ਕਰਨ ਲਈ ਖੇਡ ਟੂਰਨਾਮੈਂਟ ਕਰਵਾਉਣ ਦਾ ਵੱਡਾ ਉਪਰਾਲਾ ਕੀਤਾ ਹੈ ਤਾਂ ਕਿ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਸੇਧ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਾ ਕੇ ਹੀ ਰਾਜ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾ ਸਕਦਾ ਹੈ। ਇਸ ਮਕਸਦ ਨਾਲ ਬੋਰਡ ਨੇ ਹਲਕਾ ਸਾਹਨੇਵਾਲ ਵਿੱਚ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਫੰਡ (ਸੀ.ਐਸ.ਆਰ.) ਦੀ ਮਦਦ ਨਾਲ ਤਿੰਨ ਖੇਡ ਸਟੇਡੀਅਮ ਬਣਾਉਣ ਦਾ ਉਪਰਾਲਾ ਕੀਤਾ ਹੈ, ਜਿਨ੍ਹਾਂ ਵਿੱਚੋਂ ਇਕ ਸਟੇਡੀਅਮ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ, ਜਦੋਂ ਕਿ ਦੋ ਸਟੇਡੀਅਮਾਂ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ।

ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਦੌਰਾਨ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਗੱਲ ਕਰਦਿਆਂ ਸ. ਬਿੰਦਰਾ ਨੇ ਕਿਹਾ ਕਿ ਨੌਜਵਾਨਾਂ ਦੀ ਮਦਦ ਨਾਲ ਇਸ ਲਹਿਰ ਦੌਰਾਨ 15 ਤੋਂ 18 ਸਾਲ ਤੱਕ ਦੇ ਨੌਜਵਾਨਾਂ ਦਾ ਟੀਕਾਕਰਨ ਕਰਵਾਉਣ ਲਈ ਵਿਸ਼ੇਸ਼ ਕੈਂਪ ਲਵਾਉਣ ਦੀ ਮੁਹਿੰਮ ਚਲਾਈ ਜਾਵੇਗੀ।ਉਨ੍ਹਾਂ ਪਿਛਲੇ ਸਮੇੰ ਵਿੱਚ ਕੀਤੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਲੌਕਡਾਊਨ ਦੌਰਾਨ ਵੀ ਬੋਰਡ ਨੇ 900 ਟੀਕਾਕਰਨ ਕੈਂਪ ਲਾਏ ਗਏ ਅਤੇ ਇਕ ਹਜ਼ਾਰ ਤੋਂ ਵੱਧ ਡਾਕਟਰਾਂ ਨੂੰ ਪ੍ਰਸੰਸਾ ਸਰਟੀਫਿਕੇਟ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਲੌਕਡਾਊਨ ਦੌਰਾਨ ਬੋਰਡ ਵੱਲੋਂ ਸੀ.ਐਸ.ਆਰ. ਫੰਡ ਦੀ ਮਦਦ ਨਾਲ 2500 ਪੀ.ਪੀ.ਈ. ਕਿੱਟਾਂ ਵੰਡੀਆਂ ਗਈਆਂ ਅਤੇ ਕੋਰੋਨਾ ਵਾਰੀਅਰਜ਼ ਦਾ 25 ਲੱਖ ਰੁਪਏ ਤੱਕ ਦਾ ਬੀਮਾ ਕਰਵਾਇਆ ਗਿਆ।

ਚੇਅਰਮੈਨ ਨੇ ਦੱਸਿਆ ਕਿ ਨੌਜਵਾਨਾਂ ਦੀ ਊਰਜਾ ਖੇਡਾਂ ਵਾਲੇ ਪਾਸੇ ਲਗਾਉਣ ਲਈ ਯੂਥ ਆਫ਼ ਪੰਜਾਬ ਮੁਹਿੰਮ ਤਹਿਤ 2500 ਖੇਡ ਕਿੱਟਾਂ ਵੰਡੀਆਂ ਗਈਆਂ ਅਤੇ ਮਿਸ਼ਨ ਫਤਹਿ ਤਹਿਤ ਕੋਰੋਨਾ ਦੌਰਾਨ ਪ੍ਰਾਈਵੇਟ ਸਕੂਲਾਂ ਦੇ 9 ਹਜ਼ਾਰ ਵਿਦਿਆਰਥੀਆਂ ਦੀ ਫੀਸ ਮੁਆਫ਼ ਕਰਵਾਈ ਗਈ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਨੌਜਵਾਨਾਂ ਲਈ ਬਹੁਤ ਯੋਜਨਾਵਾਂ ਉਲੀਕੀਆਂ ਗਈਆਂ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਬੋਰਡ ਵੱਲੋਂ ਹਾਸਲ ਫੀਡਬੈਕ ਉੱਤੇ ਆਧਾਰਤ ਨੌਜਵਾਨਾਂ ਨਾਲ ਸਬੰਧਤ ਮੁੱਦਿਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਦੇ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇਗਾ।

- Advertisement -

ਇਸ ਉਪਰੰਤ ਚੇਅਰਮੈਨ ਸ. ਬਿੰਦਰਾ ਨੇ ਬੋਰਡ ਦੀ ਮੀਟਿੰਗ ਵੀ ਲਈ ਜਿਸ ਵਿੱਚ ਸੂਬਾ ਸਰਕਾਰ ਦੀਆਂ ਨੌਜਵਾਨ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਲਿਜਾਣ ਦਾ ਸੱਦਾ ਦਿੱਤਾ ਗਿਆ। ਇਸ ਤੋਂ ਇਲਾਵਾ ਬੋਰਡ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਬੋਰਡ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਜਤਿੰਦਰ ਸਿੰਘ ਬੌਬੀ ਦਾ ਸਵਾਗਤ ਕੀਤਾ ਗਿਆ। ਮੀਟਿੰਗ ਵਿੱਚ ਬੋਰਡ ਦੇ ਮੈਂਬਰ ਡਾ. ਅਮਿਤ ਸ਼ਰਮਾ, ਅਕਾਸ਼ਦੀਪ ਸਿੰਘ ਲਾਲੀ ਤੇ ਐਡਵੋਕੇਟ ਲਖਵੀਰ ਸਿੰਘ, ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ ਕੰਵਲਜੀਤ ਸਿੰਘ ਸਿੱਧੂ ਤੇ ਸਹਾਇਕ ਡਾਇਰੈਕਟਰ ਰੁਪਿੰਦਰ ਕੌਰ ਤੋਂ ਇਲਾਵਾ ਨਿਤੀਨ ਅਰੋੜਾ, ਸਤਿੰਦਰਪਾਲ ਸਿੰਘ ਆਹਲੂਵਾਲੀਆ, ਐਡਵੋਕੇਟ ਜਸ਼ਨ ਗਿੱਲ ਤੇ ਅਖਿਲ ਸੂਰੀ ਵੀ ਹਾਜ਼ਰ ਸਨ।

Share this Article
Leave a comment