ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਪਟਿਆਲਾ ਦਾ ਦੌਰਾ

TeamGlobalPunjab
3 Min Read

ਪਟਿਆਲਾ : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਮੁਨੱਵਰ ਮਸੀਹ ਨੇ ਅੱਜ ਪਟਿਆਲਾ ਦਾ ਦੌਰਾ ਕਰਦਿਆਂ, ਜ਼ਿਲ੍ਹਾ ਪ੍ਰਸ਼ਾਸਨ ਤੇ ਘੱਟ ਗਿਣਤੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਘੱਟ ਗਿਣਤੀਆਂ ਨੂੰ ਆਉਂਦੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ ਅਤੇ ਭਲਾਈ ਸਕੀਮਾਂ ਅਤੇ ਇਨ੍ਹਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਨੂੰ ਸਰਕਾਰ ਵੱਲੋਂ ਜੋ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਉਨ੍ਹਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਣਾ ਚਾਹੀਦਾ ਹੈ ਅਤੇ ਘੱਟ ਗਿਣਤੀਆਂ ਦੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰ ਵੱਲੋਂ ਦਿੱਤੇ ਜਾਂਦੇ ਵਜੀਫੇ ਲੈਕੇ ਉਚੇਰੀ ਸਿੱਖਿਆ ਪ੍ਰਾਪਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ,  ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਇਨਾਇਤ ਗੁਪਤਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀ ਲਾਲ ਵਿਸ਼ਵਾਸ ਅਤੇ ਡੀ.ਐਸ.ਪੀ. ਸ. ਪੁਨੀਤ ਸਿੰਘ ਚਾਹਲ ਮੌਜੂਦ ਸਨ। ਇਸ ਮੌਕੇ ਸ੍ਰੀ ਮੁਨੱਵਰ ਮਸੀਹ ਨੇ ਦੱਸਿਆ ਕਿ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵੱਲੋਂ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਂਦੀ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏ ਕਿ ਜ਼ਿਲ੍ਹੇ ‘ਚ ਮੌਜੂਦ ਘੱਟ ਗਿਣਤੀਆਂ ਦੀ ਵਸੋਂ ਦੀ ਭਲਾਈ ਲਈ ਸਰਕਾਰੀ ਸੇਵਾਵਾਂ ਸਮੇਂ ਸਿਰ ਪਾਰਦਰਸ਼ਤਾ ਨਾਲ ਮੁਹੱਈਆ ਕਰਵਾਈਆਂ ਜਾਣ ਅਤੇ ਭਲਾਈ ਸਕੀਮਾ ਬਾਰੇ ਜਾਣਕਾਰੀ ਦੇਣ ਲਈ ਕੈਂਪ ਲਗਾਏ ਜਾਣ।
ਸ੍ਰੀ ਮੁਨੱਵਰ ਮਸੀਹ ਨੇ ਇਸ ਮੌਕੇ ਕਿਹਾ ਕਿ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ ਅਤੇ ਸਦਭਾਵਨਾ ਕਾਇਮ ਰੱਖਣ ਲਈ ਜ਼ਿਲ੍ਹੇ ‘ਚ ਸ਼ਾਂਤੀ ਕਮੇਟੀਆਂ ਦੀਆਂ ਮੀਟਿੰਗਾਂ ਲਗਾਤਾਰ ਕਰਵਾਈਆਂ ਜਾਣ ਤਾਂ ਕਿ ਸਾਰੇ ਭਾਈਚਾਰਿਆਂ ਵਿੱਚ ਆਪਸੀ ਪਿਆਰ ਬਣਿਆ ਰਹੇ। ਉਨ੍ਹਾਂ ਪਟਿਆਲਾ ਜ਼ਿਲ੍ਹੇ ‘ਚ ਬਣੇ ਕਬਰਸਤਾਨਾਂ ਦੀ ਸਮੀਖਿਆ ਕਰਦਿਆ ਪਿੰਡਾਂ ਵਿੱਚ ਬਣੇ ਕਬਰਸਤਾਨਾਂ ਪ੍ਰਤੀ ਸੰਤੁਸ਼ਟੀ ਜਾਹਿਰ ਕੀਤੀ ਅਤੇ ਸ਼ਹਿਰ ਵਿੱਚ ਕਬਰਸਤਾਨ ਦੇ ਮਸਲੇ ਨੂੰ ਜਲਦੀ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਸਿੱਖਿਆ, ਤਕਨੀਕੀ ਸਿੱਖਿਆ ਅਤੇ ਪੁਲਿਸ ਆਦਿ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਨੂੰ ਗੰਭੀਰਤਾ ਨਾਲ ਲੈਣ ਅਤੇ ਕਿਸੇ ਤਰ੍ਹਾਂ ਦੀ ਅਣਗਹਿਲੀ ਕਰਨ ਤੋਂ ਬਚਣ ਅਤੇ ਘੱਟ ਗਿਣਤੀਆਂ ਲਈ ਜੋ ਸਰਕਾਰ ਵੱਲੋਂ ਨਿਯਮ ਬਣਾਏ ਗਏ ਹਨ ਉਨ੍ਹਾਂ ਦੀ ਪਾਲਣਾ ਕੀਤੀ ਜਾਵੇ।
ਇਸ ਮੌਕੇ ਆਰ.ਟੀ.ਓ. ਅਰਵਿੰਦ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਸ. ਜਸਬੀਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਸੁਰਿੰਦਰ ਸਿੰਘ ਢਿਲੋਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲ, ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਸਮੇਤ ਘੱਟ ਗਿਣਤੀਆਂ ਦੇ ਨੁਮਾਇੰਦੇ ਮੌਜੂਦ ਸਨ।

Share this Article
Leave a comment