ਬਟਾਲਾ ਦੀ ਫੈਕਟਰੀ ‘ਚ ਹੋਏ ਧਮਾਕੇ ‘ਚ ਮਰਨ ਵਾਲਿਆਂ ਦੀਆਂ ਲਾਸ਼ਾਂ ਦੇ ਲੱਗ ਗਏ ਢੇਰ, ਦੇਖ ਕੇ ਤ੍ਰਾਹੀ ਤ੍ਰਾਹੀ ਕਰ ਉੱਠੇ ਲੋਕ, ਕਿਸੇ ਦੇ ਹੰਝੂ ਪੂੰਜਣ ਦੀ ਹਿੰਮਤ ਨਹੀਂ ਜੁਟਾ ਪਾ ਰਿਹਾ ਕੋਈ

TeamGlobalPunjab
3 Min Read

[alg_back_button]

ਬਟਾਲਾ : ਬੀਤੀ ਕੱਲ੍ਹ ਇੱਥੋਂ ਦੀ ਜਲੰਧਰ ਰੋਡ ‘ਤੇ ਹੰਸਲੀ ਨਾਲੇ ਨੇੜੇ ਪੈਂਦੀ ਜਿਸ ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋਇਆ ਸੀ ਉਸ ਵਿੱਚ ਮਰਨ ਵਾਲਿਆਂ ਦੀਆਂ ਲਾਸ਼ਾਂ ਦੇ ਢੇਰ ਲੱਗ ਗਏ ਹਨ ਤੇ ਇਹ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕਾਂ ਦਾ ਅੰਕੜਾ 23 ਤੱਕ ਪਹੁੰਚ ਗਿਆ ਸੀ। ਇਸ ਤੋਂ ਇਲਾਵਾ 27 ਵਿਅਕਤੀ ਜ਼ਖਮੀ ਦੱਸੇ ਜਾਂਦੇ ਹਨ ਜਿਨ੍ਹਾਂ ਵਿੱਚੋਂ 7 ਦੀ ਹਾਲਤ ਗੰਭੀਰ ਕਹੀ ਜਾ ਰਹੀ ਹੈ। ਪ੍ਰਤੱਖ ਦਰਸੀਆਂ ਅਨੁਸਾਰ ਮੌਕੇ ਦੇ ਹਾਲਾਤ ਦੇਖ ਕੇ ਮਜਬੂਤ ਤੋਂ ਮਜਬੂਤ ਦਿਲ ਇਨਸਾਨ ਵੀ ਧਾਹਾਂ ਮਾਰ ਮਾਰ ਕੇ ਰੋਣ ਨੂੰ ਮਜ਼ਬੂਰ ਹੋ ਜਾਂਦਾ ਹੈ। ਹਾਲਾਤ ਇਹ ਹਨ ਕਿ ਲਗਾਤਾਰ ਨਿੱਕਲ ਰਹੀਆਂ ਲਾਸ਼ਾਂ ਤੇ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਪੈ ਰਿਹਾ ਚੀਖ ਚਿਖਾੜਾ ਦੇਖ ਸੁਣ ਕੇ ਮੌਕੇ ‘ਤੇ ਮੌਜੂਦ ਲੋਕ ਇੰਨੀ ਵੀ ਹਿੰਮਤ ਨਹੀਂ ਜੁਟਾ ਪਾ ਰਹੇ ਕਿ ਉਹ ਦੁਖੀ ਲੋਕਾਂ ਦੇ ਹੰਝੂ ਪੂੰਜ ਕੇ ਉਨ੍ਹਾਂ ਨੂੰ ਹਿੰਮਤ ਅਤੇ ਹੌਂਸਲਾ ਰੱਖਣ ਲਈ ਕਹਿ ਸਕਣ। ਜਿਲ੍ਹਾ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ‘ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇਸ ਵੇਲੇ ਪਹਿਲ ਸਿਰਫ ਛੇਤੀ ਤੋਂ ਛੇਤੀ ਮਲਵਾ ਹਟਾਉਣ ਦੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਹੇਠਾਂ ਕਿੰਨੇ ਲੋਕ ਜਿੰਦਾ ਹਨ। ਦੱਸ ਦਈਏ ਕਿ ਇਹ ਧਮਾਕਾ ਇੰਨਾਂ ਜ਼ਬਰਦਸਤ ਤੇ ਭਿਆਨਕ ਸੀ ਕਿ ਫੈਕਟਰੀ ਦੇ ਨਾਲ ਨਾਲ ਆਸ ਪਾਸ ਦੀਆਂ ਇਮਾਰਤਾਂ ਵੀ ਇੱਕ ਝਟਕੇ ਦੇ ਨਾਲ ਤਾਸ਼ ਦੇ ਮਹਿਲ ਵਾਂਗ ਵਿਖਰ ਗਈਆਂ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਹੈ।

ਇਸ ਤੋਂ ਇਲਾਵਾ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਕੇ ‘ਤੇ ਪਹੁੰਚ ਗਏ ਤੇ ਉਨ੍ਹਾਂ ਨੇ ਹਾਲਾਤ ਦਾ ਜਾਇਜਾ ਲੈਣ ਤੋਂ ਬਾਅਦ ਜਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮ੍ਰਿਤਕਾਂ ਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੇ ਹੁਕਮ ਦਿੱਤੇ। ਇਸ ਮੌਕੇ ਰੰਧਾਵਾ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 2-2 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਅਤੇ ਕਿਹਾ ਕਿ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦੇ ਦਿੱਤੇ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ ਦੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਘਟਨਾ ਬਾਰੇ ਜਾਣ ਕੇ ਉਨ੍ਹਾਂ ਨੂੰ ਬੜਾ ਦੁੱਖ ਲੱਗਿਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਹੋਰ ਪੁਲਿਸ ਅਧਿਕਾਰੀ ਇਸ ਘਟਨਾ ਦੀ ਜਾਂਚ ਕਰ ਰਹੇ ਹਨ।

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਵੀ ਘਟਨਾ ‘ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਬੜੀ ਦੁੱਖਦਾਇਕ ਘਟਨਾ ਹੈ ਅਤੇ ਐਨਡੀਆਰਐਫ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਬਿਕਰਮ ਮਜੀਠੀਆ ਨੇ ਵੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।

- Advertisement -

[alg_back_button]

Share this Article
Leave a comment