ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਦੇ ਨਿਸ਼ਾਨੇਬਾਜ਼ੀ ਤੇ ਤੀਰਅੰਦਾਜ਼ੀ ਮੁਕਾਬਲੇ ਚੰਡੀਗੜ੍ਹ ਵਿਖੇ ਕਰਵਾਏ ਜਾਣਗੇ: ਰਾਣਾ ਸੋਢੀ

TeamGlobalPunjab
1 Min Read

ਚੰਡੀਗੜ੍ਹ : ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਦੇ ਨਿਸ਼ਾਨੇਬਾਜ਼ੀ ਤੇ ਤੀਰਅੰਦਾਜ਼ੀ ਦੇ ਮੁਕਾਬਲੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਕਰਵਾਏ ਜਾਣਗੇ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਸਿਫ਼ਰ ਕਾਲ ਦੌਰਾਨ ਇਹ ਸੂਚਨਾ ਦਿੱਤੀ।

ਰਾਣਾ ਸੋਢੀ ਨੇ ਦੱਸਿਆ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਨਿਸ਼ਾਨੇਬਾਜ਼ੀ ਤੇ ਤੀਰਅੰਦਾਜ਼ੀ ਦੇ ਮੁਕਾਬਲੇ ਚੰਡੀਗੜ੍ਹ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਿਸ਼ਾਨੇਬਾਜ਼ੀ ਅਤੇ ਤੀਰਅੰਦਾਜ਼ੀ ਖੇਡਾਂ ਰਾਸ਼ਟਰਮੰਡਲ ਖੇਡਾਂ ਤੋਂ ਬਾਹਰ ਰੱਖੀਆਂ ਗਈਆਂ ਸਨ।

ਖੇਡ ਮੰਤਰੀ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖ਼ਾਸਕਰ ਨੈਸ਼ਨਲ ਰਾਈਫਲ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਰਣਇੰਦਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਦੱਸਿਆ ਕਿ ਰਣਇੰਦਰ ਸਿੰਘ ਰਾਸ਼ਟਰਮੰਡਲ ਖੇਡਾਂ ਵਿੱਚ ਇਨ੍ਹਾਂ ਦੋਵਾਂ ਖੇਡਾਂ ਨੂੰ ਸ਼ਾਮਲ ਕਰਾਉਣ ਲਈ ਲੰਡਨ ਵਿੱਚ ਰਾਸ਼ਟਰਮੰਡਲ ਖੇਡਾਂ ਦੀ ਫੈਡਰੇਸ਼ਨ (ਸੀਜੀਐਫ) ਦੇ ਕਾਰਜਕਾਰੀ ਬੋਰਡ ਦੀਆਂ ਮੀਟਿੰਗਾਂ ਨਿਰੰਤਰ ਸ਼ਾਮਲ ਹੁੰਦੇ ਰਹੇ ਅਤੇ ਬੋਰਡ ‘ਤੇ ਦਬਾਅ ਪਾਉਂਦੇ ਰਹੇ, ਜਿਸ ਕਾਰਨ ਇਹ ਫ਼ੈਸਲਾ ਲੈਣਾ ਪਿਆ।

Share this Article
Leave a comment