ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀਆਂ ਨੂੰ ਘਰ-ਘਰ ਮੁਹੱਈਆ ਕਰਵਾਈ ਜਾਵੇਗੀ ਪੈਨਸ਼ਨ : ਡਿਪਟੀ ਕਮਿਸ਼ਨਰ

TeamGlobalPunjab
2 Min Read

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਹੁਣ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀਆਂ ਨੂੰ ਘਰ-ਘਰ ਹੀ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਹ ਅੱਜ ਇਹ ਪੈਨਸ਼ਨ ਸੁਚਾਰੂ ਢੰਗ ਨਾਲ ਵੰਡਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਥੇ ਬੈਂਕਾਂ ਵਲੋਂ ਸਬੰਧਤ ਸਰਪੰਚਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਹੀ ਪੈਨਸ਼ਨ ਵੰਡੀ ਜਾ ਰਹੀ ਹੈ, ਉਥੇ ਡਾਕ ਵਿਭਾਗ ਦੇ 404 ਕਰਮਚਾਰੀਆਂ ਵਲੋਂ ਵੀ ਘਰ-ਘਰ ਪੈਨਸ਼ਨ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਡਾਕ ਵਿਭਾਗ ਦੇ ਇਹ ਕਰਮਚਾਰੀ ਡੋਰ-ਟੂ-ਡੋਰ ਪੈਨਸ਼ਨ ਦਾ ਭੁਗਤਾਨ ਕਰਨਗੇ। ਉਨਾਂ ਡਾਕ ਵਿਭਾਗ ਦੇ ਸੀਨੀਅਰ ਸੁਪਰਡੈਂਟ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੈਨਸ਼ਨ ਵੰਡਣ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖੀ ਜਾ ਸਕੇ। ਉਨਾਂ ਜ਼ਿਲਾਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੈਨਸ਼ਨ ਲਾਭਪਾਤਰੀਆਂ ਦੀ ਲਿਸਟ ਐਲ.ਡੀ.ਐਮ. ਅਤੇ ਡਾਕ ਵਿਭਾਗ ਨੂੰ ਸੌਂਪੀ ਜਾਵੇ, ਤਾਂ ਜੋ ਪੈਨਸ਼ਨ ਦੀ ਸੁਚਾਰੂ ਢੰਗ ਨਾਲ ਵੰਡ ਕੀਤੀ ਜਾ ਸਕੇ।
ਸ੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀ ਸਰਕਾਰ ਵਲੋਂ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨਾਂ ਕਿਹਾ ਕਿ ਆਪ ਨੂੰ ਸੁਰੱਖਿਅਤ ਰੱਖਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਘਰਾਂ ਵਿੱਚੋਂ ਬਾਹਰ ਨਾ ਨਿਕਲੋ। ਉਨਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ‘ਤੇ ਲਾਭਪਾਤਰੀਆਂ ਨੂੰ ਘਰਾਂ ਵਿੱਚ ਹੀ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਬੈਂਕ ਕਰਮਚਾਰੀਆਂ ਅਤੇ ਡਾਕ ਵਿਭਾਗ ਦੇ ਕਰਮਚਾਰੀਆਂ ਨੂੰ ਪੈਨਸ਼ਨ ਵੰਡਣ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖਣ ਦੇ ਨਾਲ-ਨਾਲ ਸੈਨੇਟਾਈਜ ਵੀ ਯਕੀਨੀ ਬਣਾਉਣ ਲਈ ਕਿਹਾ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸੋਸ਼ਲ ਡਿਸਟੈਂਸ ਬਹੁਤ ਜ਼ਰੂਰੀ ਹੈ, ਇਸ ਲਈ ਇਸ ਸਬੰਧ ਵਿੱਚ ਕਿਸੇ ਤਰਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ। ਇਸ ਮੌਕੇ ਡਾਕ ਵਿਭਾਗ ਦੇ ਸੀਨੀਅਰ ਸੁਪਰਡੈਂਟ ਸ੍ਰੀ ਮੰਦਿਰ ਰਾਣਾ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ, ਐਲ.ਡੀ.ਐਮ. ਸ੍ਰੀ ਆਰ.ਕੇ. ਚੋਪੜਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਸ਼ਾਮਲ ਸਨ।

Share this Article
Leave a comment