ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਬ੍ਰਾਹਮਣ ਭਲਾਈ ਬੋਰਡ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕਰਨ ਦਾ ਭਰੋਸਾ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਬ੍ਰਾਹਮਣ ਭਲਾਈ ਬੋਰਡ ਨੂੰ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ।

ਬੋਰਡ ਦੇ ਚੇਅਰਮੈਨ ਐਡਵੋਕੇਟ ਸ਼ੇਖਰ ਸ਼ੁਕਲਾ ਦੀ ਅਗਵਾਈ ਹੇਠ 60 ਮੈਂਬਰੀ ਵਫ਼ਦ ਨੇ ਅੱਜ ਸ਼ਾਮ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅੰਤਿਮ ਰੂਪ ਦੇਣ ਲਈ 28 ਨਵੰਬਰ ਨੂੰ ਪੰਜਾਬ ਬ੍ਰਾਹਮਣ ਭਲਾਈ ਬੋਰਡ ਦੀ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪਹਿਲਾਂ ਹੀ ਸਥਾਪਿਤ ਭਗਵਾਨ ਪਰਸ਼ੂਰਾਮ ਚੇਅਰ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏਗੀ ਤਾਂ ਜੋ ਉਨ੍ਹਾਂ ਦੇ ਜੀਵਨ ਅਤੇ ਫਲਸਫੇ ਬਾਰੇ ਵਿਆਪਕ ਖੋਜ ਕੀਤੀ ਜਾ ਸਕੇ ਤਾਂ ਜੋ ਮਨੁੱਖਤਾ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਦਇਆ ਦੇ ਸੰਦੇਸ਼ ਨੂੰ ਸੰਸਾਰ ਦੇ ਹਰ ਕੋਨੇ ਤੱਕ ਪਹੁੰਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਨ ਦਾ ਵਾਅਦਾ ਕੀਤਾ ਜਿਹਨਾਂ ਵਿੱਚ ਗਰੀਬ ਪਰਿਵਾਰਾਂ ਨੂੰ ਸਿੱਖਿਆ ਲਈ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਬੋਰਡ ਨੂੰ ਫੰਡਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਮੁੱਖ ਮੰਤਰੀ ਨੇ ਬੋਰਡ ਦੇ ਚੇਅਰਮੈਨ ਨੂੰ ਲੋਕ ਨਿਰਮਾਣ ਵਿਭਾਗ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਖਾਟੀ ਧਾਮ ਪ੍ਰੋਜੈਕਟ ਦੇ ਸਰਬਪੱਖੀ ਵਿਕਾਸ ਲਈ ਇੱਕ ਹਫ਼ਤੇ ਦੇ ਅੰਦਰ-ਅੰਦਰ ਇੱਕ ਵਿਆਪਕ ਯੋਜਨਾ ਤਿਆਰ ਕਰਨ ਲਈ ਵੀ ਕਿਹਾ।

- Advertisement -

ਇਸ ਦੌਰਾਨ ਚੇਅਰਮੈਨ ਨੇ ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਸਥਿਤ ਭਗਵਾਨ ਪਰਸ਼ੂਰਾਮ ਜੀ ਤਪ ਸਥਲ (ਖਾਟੀ ਧਾਮ) ਦੇ ਵਿਕਾਸ ਲਈ ਮੁੱਖ ਮਤਰੀ ਚੰਨੀ ਵੱਲੋਂ 10 ਕਰੋੜ ਰੁਪਏ ਦੇਣ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਉੱਤਰੀ ਦੇ ਵਿਧਾਇਕ ਰਾਕੇਸ਼ ਪਾਂਡੇ ਤੋਂ ਇਲਾਵਾ ਬੋਰਡ ਦੇ ਵਾਈਸ ਚੇਅਰਮੈਨ ਅਜੈ ਸ਼ਰਮਾ ਅਤੇ ਰਵੀਸ਼ ਸ਼ਰਮਾ, ਰਵੀ ਪੰਡਿਤ, ਹਰੀ ਦੇਵ ਅਗਨੀਹੋਤਰੀ, ਸੁਨੀਲ ਦੱਤ ਅਤੇ ਕ੍ਰਿਸ਼ਨ ਕੁਮਾਰ ਆਦਿ ਮੌਜੂਦ ਸਨ।

Share this Article
Leave a comment