ਮੰਤਰੀ ਮੰਡਲ ਵੱਲੋਂ ਬਜਟ ਅਤੇ ਗਰਾਂਟਾਂ ਲਈ ਅਨੁਪੂਰਕ ਮੰਗਾਂ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ

TeamGlobalPunjab
1 Min Read

ਚੰਡੀਗੜ੍ਹ :ਪੰਜਾਬ ਮੰਤਰੀ ਮੰਡਲ ਨੇ ਅੱਜ ਸਾਲ 2017-18 ਲਈ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦੀਆਂ ਲੇਖਾ ਰਿਪੋਰਟਾਂ ਸਮੇਤ ਸਾਲ 2019-20 ਲਈ ਗਰਾਂਟਾਂ ਵਾਸਤੇ ਅਨੁਪੂਰਕ ਮੰਗਾਂ ਅਤੇ ਸਾਲ 2020-21 ਲਈ ਬਜਟ ਅਨੁਮਾਨ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ 31 ਮਾਰਚ, 2018 ਲਈ ਕੈਗ ਦੀਆਂ ਲੇਖਾ ਰਿਪੋਰਟਾਂ, ਵਿੱਤੀ ਲੇਖੇ ਅਤੇ ਨਮਿੱਤਣ ਲੇਖੇ ਪੇਸ਼ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 151 ਦੀ ਉਪ ਧਾਰਾ-2 ਦੇ ਉਪਬੰਧਾਂ ਅਨੁਸਾਰ ਉਪਰੋਕਤ ਦਸਤਾਵੇਜ਼ ਅਤੇ ਰਿਪੋਰਟਾਂ ਚਾਲੂ ਬਜਟ ਇਜਲਾਸ ਦੌਰਾਨ ਪੇਸ਼ ਕਰਨੇ ਲੋੜੀਂਦੇ ਹਨ।
ਸਾਲ 2017-18 ਲਈ ਪੰਜਾਬ ਸਰਕਾਰ ਦੇ (ਮਾਲੀਏ, ਵਿੱਤ, ਸਰਕਾਰੀ ਤੇ ਗੈਰ-ਸਰਕਾਰੀ ਅਦਾਰਿਆਂ) ਦੀਆਂ ਲੇਖਾ ਰਿਪੋਰਟਾਂ ਕੈਗ ਸੂਬਾ ਸਰਕਾਰ ਨੂੰ ਭੇਜ ਚੁੱਕਾ ਹੈ ਜੋ ਸਦਨ ਵਿੱਚ ਪੇਸ਼ ਕੀਤੀਆਂ ਜਾਣਗੀਆਂ।
ਭਾਰਤੀ ਸੰਵਿਧਾਨ ਦੀ ਧਾਰਾ 203 ਦੇ ਕਲਾਜ਼ ਵਿੱਚ ਦਰਜ ਉਪਬੰਧਾਂ ਮੁਤਾਬਕ ਮੰਤਰੀ ਮੰਡਲ ਨੇ ਸਾਲ 2019-20 ਲਈ ਪੰਜਾਬ ਸਰਕਾਰ ਦੀਆਂ ਗਰਾਂਟਾਂ ਲਈ ਅਨੁਪੂਰਕ ਮੰਗਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸੇ ਤਰ੍ਹਾਂ ਸਾਲ 2020-21 ਲਈ ਪੰਜਾਬ ਸਰਕਾਰ ਦੇ ਬਜਟ ਅਨੁਮਾਨ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।

Share this Article
Leave a comment