ਫਾਜ਼ਿਲਕਾ : ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਵਿਡ 19 (ਕੋਰੋਨਾ ਵਾਇਰਸ) ਦੇ ਮੱਦੇਨਜਰ ਲਗਾਏ ਗਏ ਕਰਫਿਊ ਦੌਰਾਨ ਜਿਥੇ ਜ਼ਿਲ੍ਹਾ ਵਾਸੀਆਂ ਨੂੰ ਫ਼ਲ, ਸਬਜ਼ੀਆਂ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ‘ਹੋਮ ਡਿਲੀਵਰੀ’ ਯਕੀਨੀ ਬਣਾਈ ਗਈ ਹੈ, ਉਥੇ ਪਿੰਡਾਂ ਤੇ ਸ਼ਹਿਰਾਂ ਦੇ ਘਰਾਂ ਅੰਦਰ ਰਾਜ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਲੋੜਵੰਦਾਂ ਤੱਕ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਡਿਪੂ ਹੋਲਡਰਾਂ ਰਾਹੀਂ ਘਰ-ਘਰ ਕਣਕ ਦੀ ਸਪਲਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕਰਫਿਊ ਦੌਰਾਨ ਲੋਕ ਆਪਣੇ ਘਰਾਂ ਵਿੱਚ ਰਹਿਣ ਇਸ ਲਈ ਪੁਲਿਸ ਜਵਾਨਾਂ ਵਲੋਂ ਦਿਨ ਰਾਤ ਡਿਊਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਰਫਿਊ ਮਨੁੱਖੀ ਸਿਹਤ ਪ੍ਰਤੀ ਪੈਦਾ ਹੋਏ ਸੰਕਟ ਨੂੰ ਖਤਮ ਕਰਨ ਲਈ ਲਗਾਇਆ ਗਿਆ ਹੈ ਅਤੇ ਇਸ ਦੌਰਾਨ ਹਰ ਕਿਸੇ ਨੂੰ ਆਪਣੇ ਘਰ ਵਿੱਚ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਸਰਕਾਰ ਨੂੰ ਪੂਰੀ ਫਿਕਰ ਹੈ ਅਤੇ ਅਜਿਹੇ ਪਰਿਵਾਰਾਂ ਦੇ ਘਰਾਂ ਤੱਕ ਰਾਸ਼ਨ ਤੇ ਹੋਰ ਲੋੜੀਂਦੀ ਸਮੱਗਰੀ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਕਾਰਜਸ਼ੀਲ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਜ਼ਰੂਰੀ ਵਸਤਾਂ ਪਹੁੰਚਾਉਣ ਲਈ ਸਮੂਹ ਐਸ.ਡੀ.ਐਮਜ਼ ਵੱਲੋਂ ਆਪਣੇ ਪੱਧਰ ’ਤੇ ਐਸੋਸੀਏਸ਼ਨਾਂ ਨਾਲ ਰਾਬਤਾ ਕਰਕੇ ਨਿਰਵਿਘਨ ਸਪਲਾਈ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਵਸਤੂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲੇ੍ਹ ਦੇ ਸਮੂਹ ਨਾਗਰਿਕਾਂ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬੱਚਣ ਲਈ ਆਪਣੇ ਘਰਾਂ ਵਿੱਚ ਹੀ ਰਹਿਣਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਹਾਲਤ ਵਿੱਚ ਕਰਫਿੂਅ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ।