ਰੰਧਾਵਾ ਦੀ ਕਥਿਤ ਵਾਇਰਲ ਵੀਡੀਓ ਦਾ ਮਾਮਲਾ ਪਹੁੰਚਿਆ ਅਕਾਲ ਤਖਤ ਸਾਹਿਬ!

TeamGlobalPunjab
2 Min Read

ਅੰਮ੍ਰਿਤਸਰ :- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਲੈ ਕੇ ਕਥਿਤ ਤੌਰ ‘ਤੇ ਵਰਤੀ ਗਈ ਗਲਤ ਸ਼ਬਦਾਵਲੀ ਦੇ ਵਿਰੁੱਧ  ਰੰਧਾਵਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਇੱਕ ਵਫ਼ਦ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜਾ। ਐੱਸ. ਜੀ. ਪੀ. ਸੀ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਮੰਤਰੀ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਦੇ ਪਿਤਾ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਵਿਚ ਇੰਦਰਾ ਗਾਂਧੀ ਦੀ ਹਿਮਾਇਤ ਕੀਤੀ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਲਈ ਵਰਤੀ ਅਜਿਹੀ ਸ਼ਬਦਾਵਲੀ ਬਰਦਾਸ਼ਤ ਯੋਗ ਨਹੀਂ ਹੈ, ਇਸ ਲਈ ਉਨ੍ਹਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਕਿ ਕਮੇਟੀ ਵੱਲੋਂ ਪੁਲਿਸ ਕੋਲ ਵੀ ਸ਼ਿਕਾਇਤ ਕੀਤੀ ਹੈ।

ਦੱਸ ਦਈਏ ਕਿ ਬੀਤੀ ਦਿਨੀਂ ਸੋਸ਼ਲ ਮੀਡੀਆ ‘ਤੇ ਇਕ ਕਥਿਤ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਵਰਤਦੇ ਨਜ਼ਰ ਆ ਰਹੇ ਸਨ। ਹਾਲਾਂਕਿ ਰੰਧਾਵਾ ਨੇ ਇਸ ਵੀਡੀਓ ਨੂੰ ਫੇਕ ਦੱਸਦੇ ਹੋਏ ਵਿਰੋਧੀਆਂ ਵਲੋਂ ਉਨ੍ਹਾਂ ਖਿਲਾਫ ਕੋਝੀ ਚਾਲ ਕਰਾਰ ਦਿੱਤਾ ਸੀ ਅਤੇ ਉਨ੍ਹਾਂ ‘ਤੇ ਲਾਏ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਾਕਾਰ ਦਿੱਤਾ ਹੈ। ਰੰਧਾਵਾ ਨੇ ਕਿਹਾ ਸੀ ਕਿ ਉਹ ਗੁਰੂ ਦੇ ਸਿੱਖ ਹਨ, ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਦਿਵਸ ਮੌਕੇ ਡੇਰਾ ਬਾਬਾ ਨਾਨਕ ‘ਚ ਸਮਾਗਮਾਂ ਨੂੰ ਲੈ ਕੇ ਉਨ੍ਹਾਂ ਨੇ ਪੂਰੇ ਤਹਿ ਦਿਲੀ ਦੇ ਨਾਲ ਸੇਵਾ ਨਿਭਾਈ ਹੈ ਅਤੇ ਗੁਰੂ ਸਾਹਿਬ ਬਾਰੇ ਕਦੇ ਵੀ ਅਜਿਹੀ ਸ਼ਬਦਾਵਲੀ ਨਹੀਂ ਵਰਤ ਸਕਦੇ। ਇੰਨਾ ਹੀ ਨਹੀਂ ਉਨ੍ਹਾਂ ਨੇ ਕਿਸੇ ਵੀ ਜਾਂਚ ਲਈ ਤਿਆਰ ਹੋਣ ਅਤੇ ਦੋਸ਼ ਸਾਬਤ ਹੋਣ ‘ਤੇ ਇਕ ਮਿੰਟ ‘ਚ ਅਹੁਦਾ ਛੱਡਣ ਦੀ ਵੀ ਗੱਲ ਆਖੀ ਹੈ। ਪਰ ਹੁਣ ਇਹ ਦੇਖਣਾ ਹੋਵੇਗਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੀ ਫੈਸਲਾ ਸੁਣਾਉਂਦੇ ਹਨ ।

Share this Article
Leave a comment