ਅਜਨਾਲਾ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ। ਇਸ ਦੀ ਸ਼ੁਰੂਆਤ ਅੰਮ੍ਰਿਤਸਰ ਜਿਲੇ ਦੇ ਜਗਦੇਵ ਖ਼ੁਰਦ (ਅਜਨਾਲਾ) ਤੋਂ ਕੀਤੀ।
ਪੰਜਾਬ ਦੇ ਡਿਪਟੀ ਸੀਐੱਮ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਦਾਇਰਾ ਵਧਾ ਕੇ 50 ਕਿੱਲੋਮੀਟਰ ਕਰਨ ‘ਤੇ ਇਤਰਾਜ਼ ਪ੍ਰਗਟਾਇਆ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਕਈ ਤਰ੍ਹਾਂ ਦੀਆਂ ਦਿੱਕਤਾਂ ਪੈਦਾ ਹੋਣਗੀਆਂ। ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਹੱਥਾਂ ‘ਚ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ। ਕੇਂਦਰ ਸਰਕਾਰ ਨੂੰ ਅਜਿਹੇ ਕਦਮ ਉਠਾਉਣ ਦੀ ਬਜਾਏ ਸਰਹੱਦ ਪਾਰ ਪਾਕਿਸਤਾਨ ਤੋਂ ਆਉਣ ਵਾਲੇ ਡਰੱਗਜ਼, ਹਥਿਆਰਾਂ ਤੇ ਡ੍ਰੋਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਸ਼ਾਂਤੀਪੂਰਨ ਪੰਜਾਬੀਆਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।