ਲੋਕ ਭਲਾਈ ਸਕੀਮਾਂ ਦਾ ਲਾਭ ਪਾਰਟੀ ਵਿਤਕਰੇ ਤੋਂ ਉੱਪਰ ਉੱਠ ਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ: ਸਿੱਧੂ

TeamGlobalPunjab
3 Min Read

ਐਸ.ਏ.ਐਸ. ਨਗਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਾਰਟੀ ਵਿਤਕਰੇ ਤੋਂ ਉੱਪਰ ਉੱਠ ਕੇ ਹਰੇਕ ਲੋੜਵੰਦ ਤੱਕ ਪੁੱਜਣਾ ਯਕੀਨੀ ਬਣਾਇਆ ਜਾਵੇ।


ਇੱਥੇ ਪਿੰਡ ਭਾਗੋਮਾਜਰਾ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਏ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਈ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਨਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਦੀ ਲੋੜ ਹੈ। ਉਨਾਂ ਪੰਚਾਇਤੀ ਨੁਮਾਇੰਦਿਆਂ ਤੇ ਹੋਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਵਿਤਕਰੇ ਨੂੰ ਪਿੱਛੇ ਛੱਡ ਕੇ ਇਨਾਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਭਾਗਾਂ ਵਿੱਚ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਤਾਂ ਜੋ ਉਨਾਂ ਕੋਲ ਆਉਣ ਵਾਲੇ ਲੋੜਵੰਦ ਵਿਅਕਤੀਆਂ ਨੂੰ ਦੂਜੇ ਵਿਭਾਗਾਂ ਦੀਆਂ ਸਕੀਮਾਂ ਬਾਰੇ ਦੱਸ ਕੇ ਉਨਾਂ ਦੇ ਫ਼ਾਰਮ ਭਰਵਾਏ ਜਾ ਸਕਣ।

ਲੋਕਾਂ ਨੂੰ ਅਜਿਹੇ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਨਾਂ ਦੇ ਧਿਆਨ ਵਿੱਚ ਆਇਆ ਕਿ ਕਰਜ਼ ਮੁਆਫ਼ੀ ਦੇ ਕੁੱਝ ਕੇਸ ਹਾਲੇ ਕਲੀਅਰ ਹੋਣ ਵਾਲੇ ਰਹਿੰਦੇ ਹਨ, ਉਨਾਂ ਨੂੰ ਤੁਰੰਤ ਹੱਲ ਕਰਵਾਇਆ ਜਾਵੇ। ਇਸ ਮੈਗਾ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਨੇ ਆਪਣੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਅਤੇ ਫਾਰਮ ਭਰਨ ਲਈ ਵਿਸ਼ੇਸ਼ ਸਟਾਲ ਲਾਏ। ਸਿੱਧੂ ਨੇ ਇਕੱਲੇ ਇਕੱਲੇ ਸਟਾਲ ਉਤੇ ਜਾ ਕੇ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲਾਭਪਾਤਰੀਆਂ ਦੀ ਗਿਣਤੀ ਬਾਰੇ ਪੁੱਛਿਆ।

- Advertisement -


ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕੈਂਪਾਂ ਵਿੱਚ ਆ ਕੇ ਆਪਣੇ ਫਾਰਮ ਭਰਨ ਅਤੇ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਹੋਣ। ਉਨਾਂ ਕਿਹਾ ਕਿ ਜੇ ਪਹਿਲਾਂ ਫਾਰਮ ਭਰੇ ਹਨ ਅਤੇ ਉਸ ਦਾ ਲਾਭ ਨਹੀਂ ਮਿਲਿਆ ਤਾਂ ਉਸ ਦੀ ਵੀ ਜਾਣਕਾਰੀ ਕੈਂਪਾਂ ਵਿੱਚ ਲਾਏ ਸਟਾਲਾਂ ਤੋਂ ਲਉ। ਉਨਾਂ ਦੱਸਿਆ ਕਿ ਵੱਖ-ਵੱਖ ਸਕੀਮਾਂ ਦਾ ਲਾਭਪਾਤਰੀਆਂ ਨੂੰ ਲਾਭ ਦੇਣ ਲਈ ਮਹੀਨੇ ਦੀ ਹਰੇਕ 20 ਤਰੀਕ ਨੂੰ ਜ਼ਿਲੇ ਦੇ ਕਿਸੇ ਇਕ ਬਲਾਕ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ਕੈਂਪ ਲਾਇਆ ਜਾਂਦਾ ਹੈ, ਜਿਸ ਵਿੱਚ ਕੋਈ ਵੀ ਵਿਅਕਤੀ ਪੁੱਜ ਕੇ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰ ਕੇ ਉਨਾਂ ਦਾ ਲਾਭ ਲੈ ਸਕਦਾ ਹੈ ਅਤੇ ਕੈਂਪ ਦੌਰਾਨ ਹੈਲਪ ਡੈਸਕ ਵੀ ਸਥਾਪਤ ਕੀਤੇ ਜਾਂਦੇ ਹਨ ਤਾਂ ਜੋ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।

ਇਸ ਕੈਂਪ ਦੌਰਾਨ ਜ਼ਿਲਾ ਭਲਾਈ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਸਮੇਤ ਹੋਰ ਵਿਭਾਗਾਂ ਨੇ ਸਟਾਲ ਵੀ ਲਾਏ, ਜਿੱਥੇ ਲਾਭਪਾਤਰੀਆਂ ਦੇ ਫਾਰਮ ਭਰੇ ਗਏ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੈਡੀਕਲ ਜਾਂਚ ਕੈਂਪ ਵੀ ਲਾਇਆ ਗਿਆ, ਜਿਸ ਵਿੱਚ 175 ਦੇ ਕਰੀਬ ਮਰੀਜ਼ਾਂ ਦੀ ਜਾਂਚ ਤੇ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਅਤੇ ਲੋੜੀਂਦੇ ਟੈਸਟ ਕੀਤੇ ਗਏ।

Share this Article
Leave a comment