ਬਠਿੰਡਾ: ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਅੰਦਰ ਵਿਕਾਸ ਕਾਰਜਾਂ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮਾਲ ਤੇ ਪੁਨਰਵਾਸ ਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਫ਼ੂਲ ਵਿਖੇ ਵੱਖ-ਵੱਖ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਫ਼ੂਲ ਵਾਸੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਲੋਕਾਂ ਦੀ ਸਹੂਲਤ ਲਈ ਫ਼ੂਲ ਵਿਖੇ ਸੇਵਾ ਕੇਂਦਰ ਸ਼ੁਰੂ ਕੀਤਾ ਗਿਆ ਹੈ। ਉਨਾਂ ਇਹ ਵੀ ਕਿਹਾ ਕਿ ਜ਼ਿਲੇ ਦੇ ਪਿੰਡ ਮਹਿਰਾਜ ਦੀ ਸਮੱਸਿਆ ਨੂੰ ਦੇਖਦੇ ਹੋਏ 13.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਵਿਚ ਨਵਾਂ ਸੀਵਰੇਜ ਪਾਇਆ ਜਾਵੇਗਾ।
ਕੈਬਨਿਟ ਮੰਤਰੀ ਕਾਂਗੜ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਹਿਤੈਸ਼ੀ ਸਰਕਾਰ ਹੈ। ਇਨਾਂ ਦੇ ਹੱਕਾਂ ਤੇ ਹਿੱਤਾਂ ਲਈ ਕੋਈ ਵੀ ਕੁਰਬਾਨੀ ਕਰਨ ਤੋਂ ਕਦੇ ਪਿਛੇ ਨਹੀਂ ਹਟੇਗੀ। ਇਸ ਮੌਕੇ ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲਈ ਕਿਸਾਨ ਪਹਿਲਾਂ ਹਨ ਤੇ ਰਾਜਨੀਤੀ ਬਾਅਦ ਵਿਚ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕਾਂਗੜ ਵਲੋਂ 5 ਕਰੋੜ ਦੀ ਲਾਗਤ ਨਾਲ ਫੂਲ ਵਿਖੇ ਬਨਣ ਵਾਲੇ ਤਹਿਸੀਲ ਕੰਪਲੈਕਸ ਦੇ ਨੀਂਹ ਪੱਥਰ ਤੋਂ ਇਲਾਵਾ ਸੇਵਾ ਕੇਂਦਰ ਦਾ ਉਦਘਾਟਨ ਵੀ ਕੀਤਾ। ਇਸ ਤੋਂ ਇਲਾਵਾ ਬਾਰ ਰੂਮ ਦੇ ਨਵੀਨੀਕਰਨ ਤੇ ਕੋਰੀਡੋਰ ਲਈ 9 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਅਜੀਤਪਾਲ ਸਿੰਘ ਮੰਡੇਰ ਨੂੰ ਭੇਂਟ ਕੀਤਾ।
ਇਸ ਦੌਰਾਨ ਕਾਂਗੜ ਵਲੋਂ 37455 ਲਾਭਪਾਤਰੀਆਂ ਨੂੰ ਆਟਾ-ਦਾਲ ਸਕੀਮ ਅਧੀਨ ਸਮਾਰਟ ਕਾਰਡਾਂ ਦੀ ਵੰਡ ਕੀਤੀ ਗਈ। ਉਨਾਂ ਵਲੋਂ ਵੱਖ-ਵੱਖ ਘਟਨਾਵਾਂ ਦੌਰਾਨ ਹਾਦਸਾ ਗ੍ਰਸਤ ਹੋਏ 4 ਕਿਸਾਨਾਂ ਤੇ ਮਜ਼ਦੂਰਾ ਨੂੰ 4.60 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਵੀ ਭੇਂਟ ਕੀਤੇ ਗਏ। ਇਸ ਦੌਰਾਨ ਉਨਾਂ ਵਲੋਂ ਕਿਸਾਨਾਂ ਦੀ ਸਹੂਲਤ ਲਈ ਆਯੂਸ਼ਮਾਨ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ ਕਰਦਿਆਂ 4 ਲਾਭਪਾਤਰੀਆਂ ਨੂੰ ਯੋਜਨਾ ਕਾਰਡਾਂ ਦੀ ਵੰਡ ਵੀ ਕੀਤੀ ਗਈ।