ਵਿਜੀਲੈਂਸ ਵਲੋਂ ਨਗਰ ਕੌਂਸਲ ਦਾ ਕਰਮਚਾਰੀ 15000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

TeamGlobalPunjab
1 Min Read

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਤਾਇਨਾਤ  ਜੂਨੀਅਰ ਸਹਾਇਕ ਸੁਖਦੇਵ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਜਸਵੀਰ ਸਿੰਘ, ਵਾਸੀ ਕੁਰਾਲੀ, ਜ਼ਿਲ੍ਹਾ ਐਸ.ਏ.ਐਸ ਨਗਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ। ਬੁਲਾਰੇ ਨੇ ਦੱਸਿਆ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਦੋਸ਼ੀ ਸੁਖਦੇਵ ਸਿੰਘ ਵੱਲੋਂ ਉਸ ਦੇ ਪਲਾਟ ਦਾ ਰੈਗੁਲੇਸ਼ਨ ਸਰਟੀਫਿਕੇਟ ਜਾਰੀ ਕਰਨ ਬਦਲੇ 15000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਦੀ ਉਡਨ ਦਸਤਾ ਟੀਮ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15 ਹਜਾਰ ਰੁਪਏ ਦੀ ਰਿਸ਼ਵਤ ਵਜੋਂ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਉਡਨ ਦਸਤਾ ਦੇ ਥਾਣਾ ਐਸ.ਏ.ਐਸ ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Share this Article
Leave a comment