ਚੰਡੀਗੜ੍ਹ – ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਅਤੇ ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਕੱਲ੍ਹ ਹੋਣ ਵਾਲੀ ਪੰਜਾਬ ਫੇਰੀ ਤੋਂ ਪਹਿਲਾਂ ਉਨ੍ਹਾਂ ਨੂੰ ਪੰਜ ਮਸਲਿਆਂ ਤੇ ਗੰਭੀਰਤਾ ਨਾਲ ਧਿਆਨ ਦੇਣ ਲਈ ਅਪੀਲ ਕੀਤੀ ਹੈ ।
ਵੱਡੇ ਬਾਦਲ ਨੇ ਪ੍ਰਧਾਨਮੰਤਰੀ ਮੋਦੀ ਨੂੰ ਕਿਹਾ ਹੈ ਕਿ ਉਹ ਬੇਅਦਬੀ , ਸਿਆਸੀ ,ਖੇਤੀਬਾੜੀ , ਆਰਥਿਕ ਤੇ ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਮਸਲਿਆਂ ਤੇ ਕੋਈ ਨਾ ਕੋਈ ਐਲਾਨ ਕਰਨ । ਬਾਦਲ ਨੇ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ 1984 ਦੌਰਾਨ ਜਿਨ੍ਹਾਂ ਹਿੰਦੂ ਪਰਿਵਾਰਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਵੱਲ ਵੀ ਧਿਆਨ ਦੇਣ ਦੀ ਲੋੜ ਹੈ ।
ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸੁਪਰੀਮ ਕੋਰਟ ਦੇ ਜੱਜ ਤੋਂ ਬੇਅਦਬੀ ਤੇ ਹੋਏ ਮਸਲਿਆਂ ਦੀ ਜਾਂਚ ਕਰਵਾਉਣ ਦੀ ਲੋੜ ਹੈ । ਉਨ੍ਹਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ 800ਕਿਸਾਨਾਂ ਦੇ ਪਰਿਵਾਰਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ ।ਉਨ੍ਹਾਂ ਨੇ ਇਸ ਬਾਬਤ ਮੋਦੀ ਨੂੰ ਧਿਆਨ ਦੇਣ ਲਈ ਵੀ ਕਿਹਾ ।
ਵੱਡੇ ਬਾਦਲ ਨੇ ਮੋਦੀ ਨੂੰ ਪੰਜਾਬ ਦੇ ਪਾਣੀਆਂ ਦੇ ਮੁੱਦੇ ਵੱਲ ਵੀ ਧਿਆਨ ਦਿਵਾਇਆ । ਜ਼ਿਕਰਯੋਗ ਹੈ ਕਿ ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਪੀਜੀਆਈ ਦੇ ਫ਼ਿਰੋਜ਼ਪੁਰ ਸੈਂਟਰ ਚ ਸੈਟੇਲਾਈਟ ਯੂਨਿਟ ਦਾ ਨੀਂਹ ਪੱਥਰ ਰੱਖਣ ਆ ਰਹੇ ਹਨ । ਪੰਜਾਬ ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਇਹ ਪਹਿਲੀ ਰੈਲੀ ਕੀਤੀ ਜਾ ਰਹੀ ਹੈ ।
ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਕੱਲ੍ਹ ਕਈ ਵੱਡੇ ਐਲਾਨ ਕਰ ਸਕਦੇ ਹਨ ।