ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਸੌਂਪੇ ਪੰਜ ਲੱਖ ਰੁਪਏ ਸਹਾਇਤਾ ਰਾਸ਼ੀ ਦੇ ਚੈਕ

Global Team
2 Min Read

ਪਟਿਆਲਾ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਿਥੇ ਸੰਘਰਸ਼ ਚੱਲ ਰਿਹਾ ਹੈ, ਉਥੇ ਬੰਦੀ ਸਿੰਘਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਵੀ ਸ਼੍ਰੋਮਣੀ ਕਮੇਟੀ ਲਗਾਤਾਰ ਕਾਰਜਸ਼ੀਲ ਹੈ। ਇਹ ਪ੍ਰਗਟਾਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਬੁੜੈਲ ’ਚੋਂ ਪੈਰੋਲ ’ਤੇ ਆਏ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਅਤੇ ਭਾਈ ਸ਼ਮਸ਼ੇਰ ਸਿੰਘ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਂਕ ਸੌਂਪਣ ਮੌਕੇ ਕੀਤਾ। ਜਥੇਦਾਰ ਪੰਜੋਲੀ ਨੇ ਕਿਹਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਾਨੂੰਨੀ ਲੜਾਈ ਲੜੀ ਜਾ ਰਹੀ ਹੈ ਅਤੇ ਹਾਲਾਤਾਂ ਨਾਲ ਜੂਝ ਰਹੇ ਪਰਿਵਾਰਾਂ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ।
ਜਥੇਦਾਰ ਪੰਜੋਲੀ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਸਿੰਘ ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਲਖਵਿੰਦਰ ਸਿੰਘ ਦੇ ਪਰਿਵਾਰਾਂ ਲਈ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਅੱਜ ਬੁੜੈਲ ਜੇਲ੍ਹ ’ਚੋਂ ਪੈਰੋਲ ’ਤੇ ਆਏ ਭਾਈ ਗੁਰਮੀਤ ਸਿੰਘ ਅਤੇ ਭਾਈ ਸ਼ਮਸ਼ੇਰ ਸਿੰਘ ਦੀ ਪਤਨੀ ਨੂੰ ਸਹਾਇਤਾ ਰਾਸ਼ੀ ਦਾ ਚੈਂਕ ਸੌਂਪਿਆ ਗਿਆ। ਉਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਸ਼ੋ੍ਰਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਕਸਰ ਨਹੀਂ ਛੱਡੇਗੀ। ਜਥੇਦਾਰ ਪੰਜੋਲੀ ਨੇ ਕਿਹਾ ਕਿ ਸਰਕਾਰਾਂ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ’ਤੇ ਲੱਗੀਆਂ ਹੋਈਆਂ ਕਿਉਂਕਿ ਜੇਲ੍ਹਾਂ ਵਿਚ ਬੰਦੀ ਸਿੰਘਾਂ ਵੱਲੋਂ ਸਜ਼ਾਵਾਂ ਪੂਰੀਆਂ ਕਰ ਲਈਆਂ ਗਈਆਂ ਹਨ, ਪ੍ਰੰਤੂ ਜਾਣ ਬੁੱਝ ਕੇ ਉਨ੍ਹਾਂ ਦੀ ਰਿਹਾਈ ਨਾ ਕਰਨ ਤੋਂ ਸਪੱਸ਼ਟ ਹੈ ਕਿ ਸਰਕਾਰਾਂ ਦੋਹਰੇ ਮਾਪਦੰਡ ਵਾਲਾ ਵਤੀਰਾ ਰੱਖਦੀਆਂ ਹਨ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਭਾਈ ਗੁਰਮੀਤ ਸਿੰਘ, ਮਾਤਾ ਸੁਰਜੀਤ ਕੌਰ, ਭਾਈ ਸ਼ਮਸ਼ੇਰ ਸਿੰਘ ਦੇ ਪਰਿਵਾਰ ਨੂੰ ਸਿਰੋਪਾਓ ਭੇਂਟ ਕੀਤੇ ਗਏ।

Share This Article
Leave a Comment