ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਖੋਲ੍ਹੇ ਤਿੰਨ ਹੋਰ ਪੱਤੇ

TeamGlobalPunjab
2 Min Read

ਚੰਡੀਗੜ੍ਹ: ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਟਿੰਗ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ, ਸਾਬਕਾ ਆਈ.ਏ.ਐੱਸ. ਅਧਿਕਾਰੀ ਦਰਬਾਰਾ ਸਿੰਘ ਗੁਰੂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ।

ਪਟਿਆਲਾ ਹਲਕੇ ਤੋਂ ਰੱਖੜਾ ਦੀ ਟੱਕਰ ਸ਼ਾਹੀ ਘਰਾਣੇ ਦੀ ਉਮੀਦਵਾਰ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਅਤੇ ‘ਆਪ’ ਦੇ ਬਾਗੀ ਆਗੂ ਤੇ ਸਿਟਿੰਗ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਹੋਵੇਗੀ। ਡਾ. ਗਾਂਧੀ ਨੇ ਕੁਝ ਦਿਨ ਪਹਿਲਾਂ ਹੀ ਆਪਣੀ ਨਵੀਂ ਪਾਰਟੀ ਬਣਾ ਲਈ ਹੈ।

ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਅਤੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਲੋਕ ਸਭਾ ਹਲਕਿਆਂ ਤੋਂ ਉਮੀਦਵਾਰ ਐਲਾਨਿਆ ਜਾ ਚੁੱਕਿਆ ਹੈ।

ਪ੍ਰੋ. ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਦਰਬਾਰਾ ਸਿੰਘ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੁੜ ਚੋਣ ਮੈਦਾਨ ‘ਚ ਉਤਾਰਨ ਦਾ ਫੈਸਲਾ ਤਾਂ ਕਾਫ਼ੀ ਪਹਿਲਾਂ ਹੋ ਚੁੱਕਿਆ ਸੀ ਪਰ ਰਸਮੀ ਐਲਾਨ ਬੀਤੇ ਦਿਨੀਂ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਲੁਧਿਆਣਾ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਤੋਂ ਢੁਕਵੇਂ ਉਮੀਦਵਾਰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜੇ ਤਕ ਸਫਲਤਾ ਹੱਥ ਨਹੀਂ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਕਰਨ ਵਿਚ ਉਡੀਕ ਕਰਨ ਦੀ ਨੀਤੀ ਅਪਣਾਈ ਗਈ ਹੈ।

Share this Article
Leave a comment