ਸਮਾਜਿਕ ਸੁਰੱਖਿਆ ਪੈਨਸ਼ਨਰਾਂ ਨੂੰ ਦਸੰਬਰ 2019 ਤੱਕ 4473.78 ਕਰੋੜ ਰੁਪਏ ਦੀ ਅਦਾਇਗੀ ਕੀਤੀ: ਅਰੁਨਾ ਚੌਧਰੀ

TeamGlobalPunjab
2 Min Read

• ਪੈਨਸ਼ਨਾਂ ਲਈ 170 ਕਰੋੜ ਰੁਪਏ ਹੋਰ ਜਾਰੀ ਕਰਨ ‘ਤੇ ਕੈਬਨਿਟ ਮੰਤਰੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਹੁਣ ਤੱਕ ਸੂਬੇ ਦੇ ਪੈਨਸ਼ਨ ਲਾਭਪਾਤਰੀਆਂ ਨੂੰ 4473.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਪੈਨਸ਼ਨਰਾਂ ਲਈ ਦਸੰਬਰ 2019 ਵਾਸਤੇ 170 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2017-18 ਵਿੱਚ ਕੁੱਲ 17 ਲੱਖ 35 ਹਜ਼ਾਰ ਲਾਭਪਾਤਰੀਆਂ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਬੇਸਹਾਰਾ ਔਰਤਾਂ ਤੇ ਵਿਧਵਾਵਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ, ਨੂੰ 1040.02 ਕਰੋੜ ਰੁਪਏ ਪੈਨਸ਼ਨਾਂ ਵਜੋਂ ਅਦਾ ਕੀਤੇ ਗਏ, ਜਦੋਂ ਕਿ ਸਾਲ 2018-19 ਵਿੱਚ 21 ਲੱਖ 79 ਹਜ਼ਾਰ ਲਾਭਪਾਤਰੀਆਂ ਦੇ ਖਾਤਿਆਂ ਵਿੱਚ 1777.09 ਕਰੋੜ ਰੁਪਏ ਸਿੱਧੇ ਤੌਰ ‘ਤੇ ਜਮ੍ਹਾਂ ਕਰਵਾਏ ਗਏ। ਇਸ ਤੋਂ ਇਲਾਵਾ ਸਾਲ 2019-20 ਲਈ ਦਸੰਬਰ ਮਹੀਨੇ ਤੱਕ 23 ਲੱਖ 94 ਹਜ਼ਾਰ ਪੈਨਸ਼ਨ ਲਾਭਪਾਤਰੀਆਂ ਨੂੰ 1656.67 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਹ ਵੀ ਦੱਸਿਆ ਕਿ ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਔਰਤਾਂ ਤੇ ਵਿਧਵਾਵਾਂ ਅਤੇ ਆਸ਼ਰਿਤ ਬੱਚਿਆਂ ਨੂੰ ਪੈਨਸ਼ਨਾਂ ਦੀ ਅਦਾਇਗੀ ਸਿੱਧੇ ਤੌਰ ‘ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਅਦਾ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਮੂਹ ਲਾਭਪਾਤਰੀਆਂ ਨੂੰ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਮੁਹੱਈਆ ਕੀਤੇ ਜਾ ਰਹੇ ਹਨ, ਜਦੋਂ ਕਿ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਵਜੋਂ ਦਿੱਤੇ ਜਾ ਰਹੇ ਹਨ। ਚੌਧਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਤੇਜ਼ਾਬ ਹਮਲੇ ਦੀਆਂ ਪੀੜਤਾਂ ਨੂੰ ਪ੍ਰਤੀ ਪੀੜਤ ਤਿੰਨ ਲੱਖ ਰੁਪਏ ਮੁਆਵਜ਼ੇ ਵਜੋਂ ਮੁਹੱਈਆ ਕਰਨ ਦੀ ਨੀਤੀ ਤਹਿਤ ਹੁਣ ਤੱਕ 83 ਲੱਖ ਰੁਪਏ ਮੁਹੱਈਆ ਕੀਤੇ ਗਏ ਹਨ।
ਸ੍ਰੀਮਤੀ ਅਰੁਨਾ ਚੌਧਰੀ ਨੇ ਉਚੇਚੇ ਤੌਰ ‘ਤੇ ਦੱਸਿਆ ਕਿ ਪੈਨਸ਼ਨਾਂ ਦੀ ਅਦਾਇਗੀ ਸਮਾਂਬੱਧ ਤਰੀਕੇ ਨਾਲ ਸਿੱਧੇ ਤੌਰ ‘ਤੇ ਪੈਨਸ਼ਨਰਾਂ ਦੇ ਬੈਂਕ ਖਾਤਿਆਂ ਵਿੱਚ ਕਰਨ ਲਈ ਸੂਬੇ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ।

Share this Article
Leave a comment