ਸਰਕਾਰੀਆ ਨੇ 10 ਸਹਾਇਕ ਟਾਊਨ ਪਲੈਨਰਾਂ ਅਤੇ 9 ਸਟੈਨੋਜ਼ ਨੂੰ ਦਿੱਤੇ ਨਿਯੁਕਤੀ ਪੱਤਰ

TeamGlobalPunjab
2 Min Read

ਚੰਡੀਗੜ੍ਹ : ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ 10 ਸਹਾਇਕ ਟਾਊਨ ਪਲੈਨਰਾਂ ਅਤੇ 9 ਸਟੈਨੋਜ਼ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਤੋਂ ਪਹਿਲਾਂ ਪਿਛਲੇ ਸਾਲ ਜੂਨ ਮਹੀਨੇ ਵਿਚ ਵੀ 12 ਸਹਾਇਕ ਟਾਊਨ ਪਲੈਨਰਾਂ ਦੀ ਨਿਯੁਕਤੀ ਕੀਤੀ ਗਈ ਸੀ।

 

ਉਨ੍ਹਾਂ ਦੱਸਿਆ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਕਾਰਜ ਕੁਸ਼ਲਤਾ ਵਧਾਉਣ ਲਈ ਸਮੇਂ-ਸਮੇਂ ‘ਤੇ ਭਰਤੀ ਕੀਤੀ ਜਾ ਰਹੀ ਹੈ ਕਿਉਂਕਿ ਪਿਛਲੇ ਕੁੱਝ ਸਾਲਾਂ ਦੌਰਾਨ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰਦੇ ਬਹੁਤ ਸਾਰੇ ਅਧਿਕਾਰੀ ਸੇਵਾਮੁਕਤ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਸ਼ਹਿਰੀ ਖੇਤਰਾਂ ਦੇ ਵਿਕਾਸ ਵਿੱਚ ਯੋਜਨਾਬੰਦੀ ਦੀ ਮਹੱਤਤਾ ਨੂੰ ਦੇਖਦਿਆਂ ਸਹਾਇਕ ਟਾਊਨ ਪਲੈਨਰਾਂ ਦੇ ਅਹੁਦਿਆਂ ਨੂੰ ਭਰਨਾ ਬੇਹੱਦ ਜ਼ਰੂਰੀ ਸੀ।

 

- Advertisement -

ਉਨ੍ਹਾਂ ਕਿਹਾ ਕਿ ਜਦੋਂ ਇਹ ਅਧਿਕਾਰੀ ਅਹੁਦੇ ਸੰਭਾਲ ਲੈਣਗੇ ਤਾਂ ਵਿਭਾਗ ਦੇ ਕੰਮ ਕਾਜ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਵੱਖ ਵੱਖ ਸੇਵਾਵਾਂ ਦਾ ਲਾਭ ਲੈਣ ਵਿੱਚ ਸੁਵਿਧਾ ਹੋਵੇਗੀ।  ਸਰਕਾਰੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਵਚਨਬੱਧਤਾ ਪ੍ਰਤੀ ਤੇਜ਼ੀ ਨਾਲ ਕੰਮ ਕਰ ਰਹੀ ਹੈ।

 

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਇਹ ਭਰਤੀ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਗਿਣਤੀ ਵਧਣ ਨਾਲ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਹੁਣ ਹੋਰ ਬਿਹਤਰ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਇਸ ਮੌਕੇ ਸੀਨੀਅਰ ਟਾਊਨ ਪਲੈਨਰ ਸੰਜੀਵ ਬਾਵਾ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Share this Article
Leave a comment