ਮਾਨਸਾ : ਸੂਬੇ ਅੰਦਰ ਗਰੀਬ ਅਤੇ ਕਰਜ਼ਾਈ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹਰ ਦਿਨ ਕਿਸੇ ਨਾ ਕਿਸੇ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਆਤਮਹੱਤਿਆ ਕਰ ਲਈ ਜਾਂਦੀ ਹੈ। ਇਸ ਦੇ ਚਲਦਿਆਂ ਤਾਜ਼ਾ ਮਾਮਲਾ ਇੱਥੋਂ ਦੇ ਪਿੰਡ ਸਮਾਓਂ ਤੋਂ ਸਾਹਮਣੇ ਆਇਆ ਹੈ। ਜਿਸ ਨੇ ਅੱਜ ਸਵੇਰੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਆਤਮ ਹੱਤਿਆ ਕਰ ਲਈ। ਜਾਣਕਾਰੀ ਮੁਤਾਬਿਕ ਕਿਸਾਨ ਦਾ ਨਾਮ ਬੂਟਾ ਸਿੰਘ ਦੱਸਿਆ ਜਾ ਰਿਹਾ ਹੈ ਅਤੇ ਉਹ ਸਮਾਂਓ ਪਿੰਡ ਦਾ ਰਹਿਣ ਵਾਲਾ ਸੀ। ਬੂਟਾ ਸਿੰਘ ‘ਤੇ 15 ਲੱਖ ਰੁਪਏ ਦਾ ਕਰਜ਼ਾ ਦੱਸਿਆ ਜਾ ਰਿਹਾ ਹੈ ਅਤੇ ਉਸ ਕੋਲ 6 ਏਕੜ ਜ਼ਮੀਨ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੂਟਾ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਨੇ ਆਪਣੀਆਂ ਭੈਣਾਂ ਦੇ ਵਿਆਹ ‘ਤੇ ਕਰਜ਼ਾ ਚੁਕਿਆ ਸੀ ਅਤੇ ਉਸ ਤੋਂ ਬਾਅਦ ਫਿਰ ਉਸ ਦੀ ਮਾਤਾ ਦੇ ਬਿਮਾਰ ਹੋਣ ‘ਤੇ ਉਸ (ਬੂਟਾ) ਨੂੰ ਕਰਜ਼ਾ ਚੁੱਕਣਾ ਪਿਆ। ਇੱਥੇ ਹੀ ਬੱਸ ਨਹੀਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸੇ ਦੌਰਾਨ ਹੀ ਬੂਟਾ ਸਿੰਘ ਦੀ ਦੋ ਵਾਰ ਫਸਲ ਖਰਾਬ ਹੋ ਗਈ। ਜਿਸ ਕਾਰਨ ਇਹ ਕਰਜ਼ਾ ਵਧਦਾ ਗਿਆ ਅਤੇ ਉਸ ਨੇ ਪ੍ਰੇਸ਼ਾਨ ਹੋ ਕੇ ਅੱਜ ਫਹਾ ਲਾ ਕੇ ਆਤਮ ਹੱਤਿਆ ਕਰ ਲਈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਮਦਦ ਲਈ ਗੁਹਾਰ ਲਗਾਈ ਅਤੇ ਕਰਜ਼ਾ ਮਾਫ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸਥਾਨਕ ਪੁਲਿਸ ਅਧਿਕਾਰੀਆਂ ਵੱਲੋਂ ਵੀ ਪੁਸ਼ਟੀ ਕੀਤੀ ਗਈ ਹੈ।
ਇਸ ਕਰਜ਼ਾਈ ਕਿਸਾਨ ਦੀ ਮੌਤ ਤੋਂ ਬਾਅਦ ਸਰਕਾਰ ਦੀ ਕਾਰਗੁਜਾਰੀ ‘ਤੇ ਸਵਾਲ ਖੜ੍ਹੇ ਹੋਣੇ ਸੁਭਾਵਿਕ ਹੀ ਹਨ। ਦਰਅਸਲ ਸੱਤਾਧਾਰੀ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮਾਫ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰ ਸਰਕਾਰ ਨੂੰ ਸੱਤਾ ਵਿੱਚ ਆਇਆ ਲੰਮਾ ਸਮਾਂ ਹੋ ਗਿਆ ਹੈ ਫਿਰ ਵੀ ਸੂਬੇ ਅੰਦਰ ਕਿਸਾਨ ਵੱਲੋਂ ਆਤਮਹੱਤਿਆ ਕਰਨਾ ਸਰਕਾਰ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕਰਦਾ ਹੈ।