ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਸਰਕਾਰ ਵੱਲੋਂ ਬੁਢਾਪਾ, ਵਿਧਵਾ ਅਤੇ ਦਿਵਿਆਂਗ ਸਕੀਮ ਅਧੀਨ ਮਿਲਦੀਆਂ ਪੈਨਸ਼ਨਾਂ ਦੀ ਰਾਸ਼ੀ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰਨ ਦੀ ਤਜਵੀਜ਼ ‘ਤੇ ਸਰਕਾਰ ਵਿਚਾਰ ਕਰ ਰਹੀ ਹੈ।
ਸਦਨ ਵਿੱਚ ਬਜਟ ਸੈਸ਼ਨ ਦੌਰਾਨ ਵਿਧਾਇਕ ਸ੍ਰੀ ਪਵਨ ਕੁਮਾਰ ਟੀਨੂੰ ਅਤੇ ਵਿਧਾਇਕ ਬਲਦੇਵ ਸਿੰਘ ਖਹਿਰਾ ਦੇ ਸਵਾਲ ਦਾ ਜਵਾਬ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਰਕਾਰ ਵੱਲੋਂ ਬੁਢਾਪਾ, ਵਿਧਵਾ ਅਤੇ ਦਿਵਿਆਂਗ ਸਕੀਮ ਅਧੀਨ ਜੁਲਾਈ 2017 ਤੋਂ ਪੈਨਸ਼ਨ ਰਾਸ਼ੀ ਦੀ ਦਰ 500 ਰੁਪਏ ਤੋਂ ਵਧਾ ਕੇ 750 ਰੁਪਏ ਪ੍ਰਤੀ ਲਾਭਪਾਤਰੀ ਪ੍ਰਤੀ ਮਹੀਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੈਨਸ਼ਨ ਦੀ ਦਰ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰਨ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ।
ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਸੀ ਕਿ ਬੁਢਾਪਾ, ਵਿਧਵਾ ਅਤੇ ਦਿਵਿਆਂਗ ਸਕੀਮ ਅਧੀਨ ਪੈਨਸ਼ਨ 1500 ਪ੍ਰਤੀ ਲਾਭਪਾਤਰੀ ਪ੍ਰਤੀ ਮਹੀਨਾ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਨੇ 9 ਸਾਲ ਪੈਨਸ਼ਨ ਰਾਸ਼ੀ 250 ਰੁਪਏ ਰੱਖੀ ਅਤੇ ਆਖ਼ਰੀ ਚੋਣ ਵਰ੍ਹੇ ਦੌਰਾਨ ਇਸ ਨੂੰ 500 ਰੁਪਏ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ਤੋਂ ਤੁਰੰਤ ਬਾਅਦ ਇਸ ਨੂੰ ਵਧਾ ਕੇ 750 ਰੁਪਏ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ।
ਸਰਕਾਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਧਾ ਕੇ 1500 ਰੁਪਏ ਕਰਨ ‘ਤੇ ਕਰ ਰਹੀ ਹੈ ਵਿਚਾਰ, ਅਰੁਨਾ ਚੌਧਰੀ ਨੇ ਸਦਨ ਨੂੰ ਦੱਸਿਆ
Leave a Comment
Leave a Comment