ਚੰਡੀਗੜ੍: ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀਆਂ ਨਾਲ ਸੱਦੀ ਗਈ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਕਿਸਾਨਾਂ ਨਾਲ ਹੋਈ ਮੁਲਾਕਾਤ ਕਾਫ਼ੀ ਸਕਾਰਾਤਮਕ ਰਹੀ ਹੈ।
ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸ਼ੁਰੂ ਤੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ੍ਹੀ ਖੜ੍ਹਾ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਵਾਲੋਂ ਉਲੀਕੇ ਜਾਣ ਵਾਲੇ ਹਰੇਕ ਪ੍ਰੋਗਰਾਮ ਵਿੱਚ ਇਸੇ ਤਰ੍ਹਾਂ ਸ਼ਮੂਲੀਅਤ ਕਰਦਾ ਰਹੇਗਾ। ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ `ਤੇ ਆਪਸੀ ਮੱਤਭੇਦ ਭੁਲਾ ਕੇ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਕੇਂਦਰ `ਤੇ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਕਰਨ `ਤੇ ਦਬਾਅ ਪਾਇਆ ਜਾ ਸਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਇਸ ਉਪਰੰਤ ਕਿਸਾਨ ਜਥੇਬੰਦੀਆਂ ਵੱਲੋਂ ਹੁਣ ਤੱਕ ਜਾਰੀ ਕੀਤੇ ਗਏ ਸਾਰੇ ਦਿਸ਼ਾ- ਨਿਰਦੇਸ਼ਾਂ ਨੂੰ ਪਾਰਟੀ ਜਿਉਂ ਦਾ ਤਿਉਂ ਮੰਨਦੀ ਆਈ ਹੈ ਅਤੇ ਅੱਗੇ ਵੀ ਇਸ ਸਬੰਧ ਵਿੱਚ ਕਿਸਾਨਾਂ ਦੇ ਹਰੇਕ ਫੈਸਲੇ ਦਾ ਸਮਰਥਨ ਕਰੇਗੀ।
ਇਸ ਮੌਕੇ `ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਜੋ ਵੀ ਫੈਸਲਾ ਕਰਨਗੀਆਂ ਸਾਡੀ ਪਾਰਟੀ ਉਸ ਦਾ ਸਮਰਥਨ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਲਈ ਵਿਧਾਨ ਸਭਾ ਚੋਣਾਂ ਤੋਂ ਉਪਰ ਖੇਤੀ ਸਬੰਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਰਕਾਰਾਂ ਅਤੇ ਪਾਰਟੀਆਂ ਆਉਂਦੀਆਂ-ਜਾਉਂਦੀਆਂ ਰਹਿਣਗੀਆਂ ਪਰ ਇਨ੍ਹਾਂ ਕਾਲੇ ਕਾਨੂੰਨਾਂ ਦਾ ਰੱਦ ਹੋਣਾ ਬਹੁਤ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹ ਕਾਲੇ ਕਾਨੂੰਨ ਰੱਦ ਨਹੀ ਹੁੰਦੇ ਤਾਂ ਸਾਡਾ ਭਵਿੱਖ ਖਤਰੇ ਵਿੱਚ ਹੈ।