ਸਿਵਲ ਹਸਪਤਾਲ ਜਲਾਲਾਬਾਦ ਵਿਖੇ 100 ਬੈਡ ਦੀ ਸਮਰੱਥਾ ਦਾ ਕੀਤਾ ਪ੍ਰਬੰਧ – ਸਿਵਲ ਸਰਜਨ ਡਾ. ਸੁਰਿੰਦਰ ਸਿੰਘ

TeamGlobalPunjab
2 Min Read

ਫ਼ਾਜ਼ਿਲਕਾ : ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਸਿਹਤ ਵਿਭਾਗ ਦੇ ਸੀਨੀਅਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਦਾ ਸਮੇਂ-ਸਮੇਂ ’ਤੇ ਨਿਰੀਖਣ ਕਰਕੇ ਜਾਇਜ਼ਾ ਲਿਆ ਜਾ ਰਿਹਾ ਹੈ। ਇਹ ਜਾਣਕਾਰੀ ਸਿਵਲ ਸਰਜਨ ਫ਼ਾਜ਼ਿਲਕਾ ਡਾ. ਸੁਰਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ (ਕੋਵਿਡ 19) ਦੀ ਸਥਿਤੀ ਨੂੰ ਦੇਖਦਿਆਂ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪ੍ਰਬੰਧਾਂ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਲਾਲਾਬਾਦ ਸਿਵਲ ਹਸਪਤਾਲ ਵਿਖੇ 100 ਬੈਡ ਦੀ ਸਮਰੱਥਾ ਵਾਲਾ ਜ਼ਿਲ੍ਹਾ ਪੱਧਰੀ ਹਸਪਤਾਲ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਨੂੰ ਬਾਬਾ ਫਰੀਦ ਯੂਨੀਵਰਸਿਟੀ ਹੈਲਥ ਸਾਇੰਸ ਫਰੀਦਕੋਟ ਦਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਾਜਿਲਕਾ, ਅਬੋਹਰ ਅਤੇ ਜ਼ਿਲੇ੍ਹ ਦੇ ਹੋਰ ਪੀ.ਐਚ.ਸੀ. ਸੈਂਟਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਹਰੇਕ ਲੋੜੀਂਦੀ ਦਵਾਈਆਂ ਸਮੱਗਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮਰੀਜਾਂ, ਡਾਕਟਰਾਂ ਤੇ ਹੋਰ ਪੈਰਾ ਮੈਡੀਕਲ ਸਟਾਫ ਦੀ ਸੁਰੱਖਿਆ ਲਈ ਹਰੇਕ ਤਰ੍ਹਾਂ ਦੀ ਸਮੱਗਰੀ ਲੋੜੀਂਦੀ ਮਾਤਰਾ ਵਿੱਚ ਮੌਜੂਦ ਹੈ।

ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਕੂਰ ਉਪਲ ਅਤੇ ਡਾ. ਅਨਮੋਲ ਵੱਲੋਂ ਆਈਸੋਲੇਸ਼ਨ ਵਾਰਡ ਦੀ ਚੈਕਿੰਗ ਕਰਕੇ ਜਾਇਜਾ ਲੈ ਕੇ ਵਾਰਡਾਂ ਨੂੰ ਸੈਨੀਟੀਈਜ਼ ਕਰਵਾਇਆ ਗਿਆ ਤਾਂ ਜੋ ਕੋਰੋਨਾ ਵਾਇਰਸ ਦੀ ਨਾਮੁਰਾਦ ਬਿਮਾਰੀ ਦੀ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ।

Share this Article
Leave a comment