ਚੰਡੀਗੜ੍ਹ : ਜਿਸ ਦਿਨ ਤੋਂ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਵੱਲੋਂ ਅਦਾਲਤ ‘ਚ ਕਲੋਜ਼ਰ ਰਿਪੋਰਟ ਦਾਇਰ ਕਰਕੇ ਕੇਸ ਬੰਦ ਕਰਨ ਦੀ ਮੰਗ ਕੀਤੀ ਗਈ ਹੈ ਉਸ ਦਿਨ ਤੋਂ ਹੀ ਇਹ ਮੁੱਦਾ ਸਿਆਸੀ ਗਲਿਆਰਿਆਂ ‘ਚ ਕਾਫੀ ਭਖਿਆ ਹੋਇਆ ਹੈ। ਇਸ ਸਮੇਂ ਹਾਲਾਤ ਇਹ ਹਨ ਕਿ ਕਲੋਜ਼ਰ ਰਿਪੋਰਟ ਦਾਇਰ ਕੀਤੇ ਜਾਣ ਲਈ ਕੁਝ ਸੱਤਾਧਾਰੀ ਲੋਕਾਂ ਨੂੰ ਜਿੰਮੇਵਾਰ ਠਹਿਰਾ ਰਹੇ ਹਨ ਤੇ ਕੁਝ ਅਕਾਲੀ ਦਲ ਨੂੰ। ਇਸੇ ਮਾਹੌਲ ‘ਚ ਜਦ ਸੀਬੀਆਈ ਵੱਲੋਂ ਇਹ ਰਿਪੋਰਟ ਦਾਖਲ ਕੀਤੀ ਗਈ ਸੀ ਤਾਂ ਅਕਾਲੀ ਦਲ ਵੱਲੋਂ ਇਸ ਦਾ ਵਿਰੋਧ ਕੀਤੇ ਜਾਣ ਦੀ ਗੱਲ ਕਹੀ ਗਈ ਸੀ, ਪਰ ਹੁਣ ਇਹ ਬਾਜ਼ੀ ਉਲਟੀ ਪੈਂਦੀ ਜਾਪ ਰਹੀ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਇਹ ਰਿਪੋਰਟ ਸੱਤਾਧਾਰੀ ਕਾਂਗਰਸ ਪਾਰਟੀ ਦੇ ਇਸਾਰੇ ‘ਤੇ ਨਹੀਂ ਬਲਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਇਸਾਰੇ ‘ਤੇ ਹੋਈ ਹੈ।
ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦੋਸ਼ ਹੈ ਕਿ ਸੁਖਬੀਰ ਬਾਦਲ ਦੇ ਕਹਿਣ ‘ਤੇ ਹੀ ਸੀਬੀਆਈ ਨੇ ਅਦਾਲਤ ‘ਚ ਕਲੋਜ਼ਰ ਰਿਪੋਰਟ ਦਾਇਰ ਕਰਕੇ ਇਹ ਕੇਸ ਬੰਦ ਕਰਨ ਦੀ ਮੰਗ ਕੀਤੀ ਹੈ। ਲਿਹਾਜਾ ਉਹ ਇਸ ਰਿਪੋਰਟ ਨੂੰ ਉੱਪਰਲੀ ਅਦਾਲਤ ਵਿੱਚ ਚੁਣੌਤੀ ਦੇਣ ਜਾ ਰਹੇ ਹਨ। ਚਰਚਾ ਇਹ ਵੀ ਹੈ ਕਿ ਇਸ ਮੁੱਦੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਨਰਾਜ਼ ਹਨ ਅਤੇ ਉਹ ਇਹ ਚਾਹੁੰਦੇ ਹਨ ਕਿ ਇਸ ਮੁੱਦੇ ‘ਤੇ ਜਲਦ ਤੋਂ ਜਲਦ ਸਖਤ ਕਦਮ ਚੁੱਕੇ ਜਾਣ ਅਤੇ ਸੀਬੀਆਈ ਰਿਪੋਰਟ ਨੂੰ ਚੁਣੌਤੀ ਦਿੱਤੀ ਜਾਵੇ। ਇਸੇ ਕਾਰਨ ਹੀ ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਅਤੁਲ ਨੰਦਾ, ਪੁਲਿਸ ਮੁਖੀ ਦਿਨਕਰ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਹ ਹੁਕਮ ਜਾਰੀ ਕੀਤੇ ਹਨ ਕਿ ਕਲੋਜ਼ਰ ਰਿਪੋਰਟ ਨੂੰ ਜਲਦ ਤੋਂ ਜਲਦ ਚੁਣੌਤੀ ਦਿੱਤੀ ਜਾਵੇ।