ਬਰਨਾਲਾ:-ਪੰਜਾਬ ਦੇ ਹੁਸੈਨੀਵਾਲਾ ‘ਚ ਬੁੱਧਵਾਰ (5 ਜਨਵਰੀ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਰਨਾਲਾ ਵਿਖੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਰੱਖੀ ਰੈਲੀ ਨੂੰ ਸੰਬੋਧਨ ਕਰਦਿਆਂ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਨੂੰ ਡਰਾਮਾ ਕਰਾਰ ਦਿੱਤਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕਮੀ ਨੂੰ ਡਰਾਮਾ ਕਰਾਰ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਕੱਲ੍ਹ ਦੇਸ਼ ਦੇ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਰੈਲੀ ਵਿਚ 70 ਹਜ਼ਾਰ ਕੁਰਸੀਆਂ ਲੱਗਣ ਦੇ ਬਾਵਜੂਦ 500 ਵਿਅਕਤੀਆਂ ਦੀ ਭੀੜ ਵੀ ਭਾਜਪਾ ਵਾਲੇ ਜੁਟਾ ਨਹੀਂ ਸਕੇ। ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਬੇਸ਼ਰਮ ਸ਼ਬਦ ਵਰਤਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀ ਰੈਲੀ ਮੌਕੇ ਖਾਲੀ ਕੁਰਸੀਆਂ ਨੂੰ ਵੀ ਸੰਬੋਧਨ ਕਰਦੇ ਰਹੇ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਰਹੇ ਉਸ ਸਮੇਂ ਕੋਈ ਨਹੀਂ ਬੋਲਿਆ ਪਰ ਪ੍ਰਧਾਨ ਮੰਤਰੀ ਨੂੰ 15-20 ਮਿੰਟ ਰੁਕਣਾ ਪੈ ਗਿਆ ਤਾਂ ਸਾਰੇ ਪਾਸੇ ਰੌਲਾ ਪੈ ਗਿਆ।
Address From Dana Mandi, Barnala https://t.co/KRb66ZdMHQ
— Navjot Singh Sidhu (@sherryontopp) January 6, 2022
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਪੀਐਮ ਮੋਦੀ ਦੇ ਸੜਕੀ ਰਸਤੇ ਫਿਰੋਜ਼ਪੁਰ ਜਾਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸੀਐਮ ਚੰਨੀ ਨੇ ਕਿਹਾ ਸੀ ਕਿ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਈ ਹੈ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਢਿੱਲ ਦੇ ਮਾਮਲੇ ‘ਤੇ ਚਿੰਤਾ ਪ੍ਰਗਟਾਈ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਨੂੰ ਮਿਲਣ ਲਈ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਪਹੁੰਚੇ। ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਹੁਣ ਇਹ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਚੀਫ਼ ਜਸਟਿਸ ਐਨਵੀ ਰਮਨਾ ਦੀ ਬੈਂਚ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਸੁਣਵਾਈ ਭਲਕੇ (7 ਜਨਵਰੀ) ਨੂੰ ਸੁਪਰੀਮ ਕੋਰਟ ਵਿੱਚ ਹੋ ਸਕਦੀ ਹੈ।