ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਦਾਖਲ ਹੋ ਕੇ ਬੇਅਦਬੀ ਕਰਨ ਦਾ ਯਤਨ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ ਮਗਰੋਂ ਰੋਹ ਵਿਚ ਆਈ ਸੰਗਤ ਨੇ ਕੁੱਟ ਕੁੱਟ ਕੇ ਮਾਰ ਦਿੱਤਾ ਹੈ।
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਅਸਥਾਨ ’ਤੇ ਚੱਲ ਰਹੇ ਰਹਿਰਾਸ ਸਾਹਿਬ ਜੀ ਦੇ ਪਾਠ ਦੌਰਾਨ ਇਕ ਵਿਅਕਤੀ ਵਿਅਕਤੀ ਵਲੋਂ ਜੰਗਲਾ ਟੱਪ ਕੇ ਬੇਅਦਬੀ ਕੀਤੀ ਗਈ। ਵਿਅਕਤੀ ਵਲੋਂ ਦਰਸ਼ਨ ਕਰਨ ਵਾਲੇ ਪਾਸਿਓਂਂ ਜੰਗਲਾ ਟੱਪ ਕੇ ਅੰਦਰ ਦਾਖਲ ਹੋਇਆ ਅਤੇ ਤਾਬਿਆ ਦੇ ਅਗਲੇ ਪਾਸੇ ਪਈ ਕਿਰਪਾਨ ਨੂੰ ਵੀ ਚੁੱਕ ਲਿਆ। ਮੌਕੇ ’ਤੇ ਤਾਇਨਾਤ ਸ਼੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਉਸ ਵਿਅਕਤੀ ਨੂੰ ਕਾਬੂ ਕਰਕੇ ਬਾਹਰ ਲਿਆਂਦਾ।
ਮੰਦਭਾਗੀ ਘਟਨਾ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਇੱਕ ਸੋਚੀ-ਸਮਝੀ ਸਾਜ਼ਿਸ਼ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਤਹਿਕੀਕਾਤ ਕਰ ਰਹੇ ਹਾਂ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਘਟਨਾ ਨੂੰ ਕੋਈ ਬਰਦਾਸ਼ਤ ਨਹੀਂ ਕਰਦਾ ਕਿ ਕੋਈ ਸੱਚਖੰਡ ਸ੍ਰੀ ਦਰਬਾਰ ਵਿੱਚ ਦਾਖ਼ਲ ਹੋ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰੇ। ਇਸੇ ਕਰਕੇ ਗੁੱਸੇ ਵਿੱਚ ਆਈ ਸੰਗਤ ਨੇ ਜਜ਼ਬਾਤੀ ਹੋ ਕੇ ਦੋਸ਼ੀ ਨੂੰ ਮੌਤ ਦੇ ਘਾਟ ਉਤਾਰ ਦਿਤਾ।
ਉਨ੍ਹਾਂ ਕਿਹਾ ਕਿ ਫਿਲਹਾਲ ਇਹ ਪਤਾ ਨਹੀਂ ਲੱਗਾ ਕਿ ਦੋਸ਼ੀ ਕੌਣ ਸੀ ਅਤੇ ਕਿੱਥੋਂ ਆਇਆ ਸੀ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਸੀਸੀਟੀਵੀ ਫੁਟੇਜ ਵੇਖਣ ਤੋਂ ਪਤਾ ਲੱਗਦਾ ਹੈ ਕਿ ਉਹ ਇਕੱਲਾ ਹੀ ਸੀ।