ਮੁੰਬਈ : ਇੱਥੋਂ ਦੇ ਭਾਂਡੁਪ ਇਲਾਕੇ ਵਿੱਚ ਇੱਕ ਕੋਵਿਡ ਹਸਪਤਾਲ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ। ਕੋਵਿਡ ਮਰੀਜ਼ਾ ਦਾ ਇਹ ਹਸਪਤਾਲ ਇੱਕ ਮੌਲ ਦੀ ਤੀਸਰੀ ਮੰਜ਼ਿਲ ‘ਤੇ ਬਣਾਇਆ ਗਿਆ ਸੀ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕੜੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਹਾਦਸੇ ਦੌਰਾਨ ਹਸਪਤਾਲ ਵਿੱਚ ਦਾਖਲ 70 ਮਰੀਜ਼ਾ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਦੂਜੇ ਪਾਸੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੁੰਬਈ ਪੁਲਿਸ ਕਮਿਸ਼ਨਰ ਹੇਮੰਤ ਨਾਗਰਾਲੇ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਘਟਨਾ ਹੈ। ਇਸ ਵਿੱਚ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਸਾਹਮਣੇ ਆਈ ਹੈ। ਅਸੀਂ ਹਸਪਤਾਲ ਮੈਨੇਜਮੈਂਟ ਖਿਲਾਫ਼ ਮਾਮਲਾ ਦਰਜ ਕਰਾਂਗੇ। ਇਸੇ ਵਿਚਾਲੇ ਬੀਐਮਸੀ ਨੇ ਘਟਨਾ ਦੀ ਜਾਂਚ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਹਾਲਾਂਕਿ ਹਸਪਤਾਲ ਪ੍ਰਸ਼ਾਸਨ ਦਾ ਕਹਿਣ ਹੈ ਕਿ ਸਭ ਤੋਂ ਪਹਿਲਾਂ ਅੱਗ ਮੌਲ ਦੇ ਪਹਿਲੇ ਫਲੌਰ ‘ਤੇ ਲੱਗੀ ਸੀ ਨਾ ਕਿ ਹਸਪਤਾਲ ਦੀ ਇਮਰਾਤ ਨੂੰ ਅੱਗ ਲੱਗੀ। ਅੱਗ ਦੀਆਂ ਤੇਜ਼ ਲਪਟਾਂ ਕਾਰਨ ਹਸਪਤਾਲ ਤੱਕ ਅੱਗ ਪਹੁੰਚੀ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਕਿਹਾ ਕਿ ਜਾਂਚ ਵਿੱਚ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਮਰਨ ਵਾਲਿਆਂ ‘ਚ ਜ਼ਿਆਦਾਤਰ ਲੋਕ ਵੈਂਟੀਲੇਟਰ ‘ਤੇ ਸਨ। ਉੱਧਵ ਠਾਕਰੇ ਨੇ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਵੀ ਕੀਤਾ।