ਚੰਡੀਗੜ੍ਹ : ਸੰਸਦ ਵਿੱਚ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਐਲਾਨ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਸ ਦਾਅਵੇ ਨੂੰ ਦਰਕਿਨਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਕਾਨੂੰਨਾਂ ਨੂੰ ਅੱਗੇ ਨਹੀਂ ਵਧਾਉਣਗੇ । ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ 11 ਮੈਂਬਰੀ ਵਫਦ ਬੁੱਧਵਾਰ ਨੂੰ ਖਤਰਨਾਕ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲ ਕੇ ਆਪਣਾ ਮੰਗ ਪੱਤਰ ਸੌਂਪਣਗੇ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਤੋਂ ਇਲਾਵਾ ਵਫ਼ਦ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਪਾਰਟੀ ਦੇ ਕੁਝ ਮੰਤਰੀ ਅਤੇ ਵਿਧਾਇਕ ਸ਼ਾਮਲ ਹੋਣਗੇ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਪੱਤਰ ਲਿਖਦਿਆਂ ਬੇਨਤੀ ਵੀ ਕੀਤੀ ਕਿ ਇਨ੍ਹਾਂ ਖਤਰਨਾਕ ਆਰਡੀਨੈਂਸਾਂ ਦੀ ਪੈਰਵੀ ਨਾ ਕੀਤੀ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਨਿਰਾਸ਼ ਨਾ ਕਰਨ ਅਤੇ ਉਨ੍ਹਾਂ ਦੀ ਆਰਡੀਨੈਂਸਾਂ ਨੂੰ ਅੱਗੇ ਨਾ ਲਿਜਾਣ ਦੀ ਬੇਨਤੀ ਉਤੇ ਹਾਮੀ ਭਰਨ। ਇਹ ਆਰਡੀਨੈਂਸ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ।
ਇਸੇ ਦੌਰਾਨ ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਇਨ੍ਹਾਂ ਆਰਡੀਨੈਂਸਾਂ ਰਾਹੀਂ ਕਹੇ ਜਾ ਰਹੇ ਅਖੌਤੀ ਸੁਧਾਰਾਂ ਦਾ ਨਿਰੰਤਰ ਵਿਰੋਧ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਇਕ ਬਿਆਨ ਵਿੱਚ ਕਿਹਾ ਕਿ ਕਿਸੇ ਵੀ ਮੌਕੇ ‘ਤੇ ਪੰਜਾਬ ਨੇ ਅਜਿਹੇ ਕਦਮ ਦੀ ਹਮਾਇਤ ਨਹੀਂ ਕੀਤੀ ਜਿਸ ਦਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦੇ ਉਚ ਤਾਕਤੀ ਕਮੇਟੀ ਦੇ ਮੈਂਬਰ ਬਣਨ ਤੋਂ ਬਾਅਦ ਹੋਈ ਇਕਲੌਤੀ ਮੀਟਿੰਗ ਵਿੱਚ ਆਰਡੀਨੈਂਸਾਂ ਉਤੇ ਇਕ ਵਾਰ ਵੀ ਚਰਚਾ ਨਹੀਂ ਹੋਈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰਡੀਨੈਂਸ ਪੰਜਾਬ ਨੂੰ ਮਨਜ਼ੂਰ ਨਹੀਂ ਹਨ ਅਤੇ ਖੇਤੀਬਾੜੀ ਦੇ ਰਾਜ ਦਾ ਵਿਸ਼ਾ ਹੋਣ ਕਰਕੇ ਇਹ ਸੰਘੀ ਢਾਂਚੇ ਦੇ ਖਿਲਾਫ਼ ਵੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਜੁਲਾਈ 2019 ਵਿੱਚ ਕੇਂਦਰ ਸਰਕਾਰ ਵੱਲੋਂ ਬਣਾਈ ਉੱਚ ਪੱਧਰੀ ਕਮੇਟੀ ਤੋਂ ਬਾਹਰ ਰੱਖਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਸਤ 2019 ਵਿੱਚ ਕੀਤੇ ਵਿਰੋਧ ਤੋਂ ਬਾਅਦ ਹੀ ਪੰਜਾਬ ਨੂੰ ਇਸ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਸੀ। ਉਸ ਸਮੇਂ ਤੱਕ ਕਮੇਟੀ ਪਹਿਲਾਂ ਹੀ ਆਪਣੀ ਪਹਿਲੀ ਮੀਟਿੰਗ ਕਰ ਚੁੱਕੀ ਸੀ।

