ਨਵੀਂ ਦਿੱਲੀ : ਕੇਂਦਰੀ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੋਦੀ ਸਰਕਾਰ ਨੂੰ ਚਾਰੇ ਪਾਸੇ ਤੋਂ ਘੇਰਨ ਦੇ ਲਈ ਵਿਰੋਧੀ ਪਾਰਟੀਆਂ ਇਕਜੁੱਟ ਹੋ ਗਈਆਂ ਹਨ। ਕਾਂਗਰਸ ਸਮੇਤ 16 ਸਿਆਸੀ ਪਾਰਟੀਆਂ ਨੇ ਮਿਲ 29 ਜਨਵਰੀ ਨੂੰ ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ‘ਚ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਕਾਂਗਰਸ ਦੇ ਸੀਨੀਅਰ ਲੀਡਰ ਗੁਲਾਮ ਨਬੀ ਆਜ਼ਾਦ ਨੇ ਵੀਰਵਾਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਗੁਲਾਮ ਨਬੀ ਆਜ਼ਾਦ ਨੇ ਕਿਹਾ ਕਾਂਗਰਸ ਸਮੇਤ 16 ਸਿਆਸੀ ਪਾਰਟੀਆਂ ਵੱਲੋਂ ਅਸੀਂ ਸੂਚਿਤ ਕਰ ਰਹੇ ਹਾਂ ਕਿ 29 ਜਨਵਰੀ ਨੂੰ ਸੰਸਦ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਭਾਸ਼ਣ ਦਾ ਬਾਈਕਾਟ ਕੀਤਾ ਜਾਵੇਗਾ। ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਇਹ ਫ਼ੈਸਲਾ ਤਿੰਨ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਲਿਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਅਸੀਂ ਤਿੰਨ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ। ਇਸ ਲਈ ਆਮ ਆਦਮੀ ਪਾਰਟੀ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰੇਗੀ ਅਤੇ ਸਾਡੇ ਲੋਕ ਸਭਾ ਦੇ ਮੈਂਬਰ ਭਗਵੰਤ ਮਾਨ ਅਤੇ ਰਾਜ ਸਭਾ ਦੇ 3 ਮੈਂਬਰ ਰਾਸ਼ਟਰਪਤੀ ਦੇ ਭਾਸ਼ਨ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਣਗੇ। ਬਜਟ ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਕੇਂਦਰ ਦਾ ਬਜਟ ਇੱਕ ਫਰਵਰੀ ਨੂੰ ਐਲਾਨਿਆ ਜਾਵੇਗਾ।