ਚੰਡੀਗੜ੍ਹ: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਵਾਲੀਬਾਲ ਖਿਡਾਰੀ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਪਿੰਡ ਠੱਟਾ ਦੇ ਨੇੜੇ ਵਾਪਰੀ ਹੈ। ਜਿੱਥੇ 16 ਸਾਲਾ ਵਾਲੀਬਾਲ ਖਿਡਾਰੀ ਵਿਵੇਕਬੀਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸਦਾ ਉਸੇ ਪਿੰਡ ਦੇ ਇੱਕ ਨੌਜਵਾਨ ਨਾਲ ਮਾਮੂਲੀ ਝਗੜਾ ਹੋਇਆ ਸੀ। ਇਸ ਲੜਾਈ ਦੀ ਦੁਸ਼ਮਣੀ ਕਾਰਨ ਦੋਸ਼ੀ ਨੇ ਵਿਵੇਕਬੀਰ ‘ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਸਦੀ ਮੌਤ ਹੋ ਗਈਹੈ। ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਬਹੁਤ ਬੁਰੀ ਹਾਲਤ ਵਿੱਚ ਹੈ।
ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਵੇਕਬੀਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਉਮਰ 16 ਸਾਲ, 11ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਪਿੰਡ ਠੱਟਾ ਦਾ ਰਹਿਣ ਵਾਲਾ ਸੀ। ਇਸ ਹਮਲੇ ਤੋਂ ਬਾਅਦ ਉਸਦੇ ਚਚੇਰੇ ਭਰਾ ਅਤੇ ਹੋਰ ਲੋਕ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲੈ ਗਏ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਡੀਐਸਪੀ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜੋ ਕਿ ਬੁੱਧਵਾਰ ਨੂੰ ਕੀਤਾ ਜਾਵੇਗਾ।