Punjab News : ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਅਤੇ ਸਰਕਾਰ ਵੱਲੋਂ ਹੁਣ ਤੱਕ 180 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ 14 ਨਵੰਬਰ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 8 ਲੱਖ 34 ਹਜ਼ਾਰ ਕਿਸਾਨਾਂ ਵੱਲੋਂ 185.26 ਲੱਖ ਮੀਟ੍ਰਿਕ ਟਨ ਝੋਨਾ ਲਿਆਂਦਾ ਗਿਆ ਹੈ, ਜਿਸ ਵਿੱਚੋਂ 181.69 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵਜੋਂ ਹੁਣ ਤੱਕ 41,972 ਕਰੋੜ ਰੁਪਏ ਸਿੱਧੇ ਬੈਂਕ ਖਾਤਿਆਂ ਵਿੱਚ ਪਹੁੰਚਾਏ ਜਾ ਚੁੱਕੇ ਹਨ, ਜਦਕਿ 146 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਸੀ, ਜਿਸ ਨੂੰ ਪੂਰਾ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੌ : PR ਯੋਜਨਾ ਨੂੰ ਲੈ ਕੇ ਕੈਨੇਡਾ ‘ਚ ਸਿਆਸੀ ਘਮਾਸਾਣ! ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਿਆ! ਮਾਹਿਰਾਂ ਨੇ ਸਰਕਾਰ ਦੇ ਅੰਕੜਿਆਂ ਦੀ ਖੋਲ੍ਹੀ ਪੋਲ!
ਇਸ ਵਾਰ ਝੋਨੇ ਦੀ ਬੰਪਰ ਫਸਲ ਹੋਣ ਕਾਰਨ ਖਰੀਦ ਦਾ ਅੰਕੜਾ 200 ਲੱਖ ਮੀਟ੍ਰਿਕ ਟਨ ਦੇ ਕਰੀਬ ਪਹੁੰਚਣ ਦੀ ਸੰਭਾਵਨਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਸੀ.ਸੀ.ਐੱਲ. (CCL) ਦੀ ਹੱਦ ਵਧਾਉਣ ਲਈ ਚਿੱਠੀ ਲਿਖੀ ਗਈ ਹੈ। ਉਨ੍ਹਾਂ ਵਧੇਰੇ ਝਾੜ ਦਾ ਕਾਰਨ ਨਹਿਰੀ ਪਾਣੀ ਦੀ ਸਪਲਾਈ ਵਿੱਚ ਹੋਏ ਵਾਧੇ ਅਤੇ ਮੌਸਮ ਨੂੰ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਹਿਰੀ ਪਾਣੀ ਦੀ ਪਹੁੰਚ 22 ਫੀਸਦੀ ਤੋਂ ਵਧ ਕੇ ਲਗਭਗ 80 ਫੀਸਦੀ ਤੱਕ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਸ ਦੌਰਾਨ ਈ.ਡੀ. ਦੀ ਮਾਈਨਿੰਗ ਮਾਮਲੇ ਵਿੱਚ ਹੋਈ ਕਾਰਵਾਈ ਅਤੇ ਉਨ੍ਹਾਂ ਦੇ ਨਾਮ ਦਾ ਜ਼ਿਕਰ ਹੋਣ ਸਬੰਧੀ ਪੁੱਛੇ ਸਵਾਲ ‘ਤੇ ਕਟਾਰੂਚੱਕ ਨੇ ਕਿਹਾ ਕਿ ਹਰ ਗੱਲ ਦਾ ਜਵਾਬ ਦੇਣਗੇ ਅਤੇ ਲੋੜ ਪੈਣ ‘ਤੇ ਆਪਣਾ ਪੱਖ ਰੱਖਣਗੇ।
ਇਹ ਵੀ ਪੜ੍ਹੌ : PR ਯੋਜਨਾ ਨੂੰ ਲੈ ਕੇ ਕੈਨੇਡਾ ‘ਚ ਸਿਆਸੀ ਘਮਾਸਾਣ! ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਿਆ! ਮਾਹਿਰਾਂ ਨੇ ਸਰਕਾਰ ਦੇ ਅੰਕੜਿਆਂ ਦੀ ਖੋਲ੍ਹੀ ਪੋਲ!
ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਵਾਲੇ ਸੂਬਿਆਂ ਵਿੱਚ ਭਾਜਪਾ ਆਪਣੀਆਂ ਏਜੰਸੀਆਂ ਨੂੰ ਅੱਗੇ ਕਰਦੀ ਹੈ। ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਠਜੋੜ ਨੂੰ ਪਸੰਦ ਨਹੀਂ ਕਰਨਗੇ। ਉਨ੍ਹਾਂ ਕਾਂਗਰਸ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਮੁੱਦਾ-ਲੈੱਸ ਅਤੇ ਲੀਡਰ-ਲੈੱਸ ਹੈ। ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਬਾਰੇ ਉਨ੍ਹਾਂ ਕਿਹਾ ਕਿ ਸਿਰਫ਼ ਯਾਤਰਾਵਾਂ ਕਰਨ ਦੀ ਬਜਾਏ ਲੋਕਾਂ ਲਈ ਕੀਤੇ ਕੰਮ ਮਹੱਤਵ ਰੱਖਦੇ ਹਨ। 2027 ਦੀਆਂ ਚੋਣਾਂ ਅਤੇ ਟਿਕਟਾਂ ਦੀ ਵੰਡ ਬਾਰੇ ਉਨ੍ਹਾਂ ਕਿਹਾ ਕਿ ਇਹ ਕੇਂਦਰੀ ਲੀਡਰਸ਼ਿਪ ਦਾ ਫੈਸਲਾ ਹੈ ਅਤੇ ਪਾਰਟੀ ਦੇ ਮਾਪਦੰਡਾਂ ‘ਤੇ ਖਰੇ ਉਤਰਨ ਵਾਲਿਆਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ। ਅੰਮ੍ਰਿਤਪਾਲ ਸਿੰਘ ਦੀ ਪੈਰੋਲ ਬਾਰੇ ਉਨ੍ਹਾਂ ਕਿਹਾ ਕਿ ਮਾਮਲਾ ਅਦਾਲਤ ਵਿੱਚ ਹੈ ਅਤੇ ਫੈਸਲਾ ਅਦਾਲਤ ਨੇ ਕਰਨਾ ਹੈ। ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਅਤੇ ਮੰਤਰੀਆਂ ਦੇ ਘਰਾਂ ਬਾਹਰ ਝੋਨਾ ਸੁੱਟਣ ਬਾਰੇ ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਅਧਿਕਾਰ ਹੈ ਅਤੇ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰੇਗੀ।

