1984 ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ SC ‘ਚ ਸੁਣਵਾਈ ਦੋ ਹਫ਼ਤੇ ਲਈ ਮੁਲਤਵੀ

Prabhjot Kaur
2 Min Read

ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਇਕ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਦੋ ਹਫ਼ਤੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸੱਜਣ ਕੁਮਾਰ ਵੱਲੋਂ ਸੁਪਰੀਮ ਕੋਰਟ ‘ਚ ਪਾਈ ਜਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ, ਜਿਸ ਤੋਂ ਬਾਅਦ ਸੁਣਵਾਈ ਨੂੰ ਦੋ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ‘ਚ ਸੀਬੀਆਈ ਨੇ ਸੁਪਰੀਮ ਕੋਰਟ ਵਿਚ ਜਵਾਬ ਦਾਖ਼ਲ ਕਰ ਕੇ ਸੱਜਣ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ। ਸੀਬੀਆਈ ਨੇ ਆਪਣੇ ਜਵਾਬ ਵਿਚ ਕਿਹਾ ਸੀ ਕਿ ਸੱਜਣ ਕੁਮਾਰ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਅਜਿਹੇ ਵਿਚ ਉਸ ਨੂੰ ਜ਼ਮਾਨਤ ਦੇਣ ਨਾਲ ਸਿੱਖ ਕਤਲੇਆਮ ਦੇ ਦੂਜੇ ਗਵਾਹ ਪ੍ਰਭਾਵਿਤ ਹੋ ਸਕਦੇ ਹਨ, ਇਸ ਲਈ ਸੱਜਣ ਕੁਮਾਰ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜੀ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ।

ਜ਼ਿਕਰਯੋਗ ਹੈ ਕਿ ਹੇਠਲੀ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ, ਉੱਥੇ ਹੀ ਕਾਂਗਰਸ ਦੇ ਸਾਬਕਾ ਕੌਂਸਲਰ ਬਲਵੰਤ ਖੋਖਰ, ਰਿਟਾਇਰਡ ਨੇਵੀ ਅਫਸਰ ਕੈਪਟਨ ਭਾਗਮਲ, ਗਿਰਧਾਰੀ ਲਾਲ ਨੂੰ ਉਮਰ ਕੈਦ ਦੀ ਸਜ਼ਾ ਅਤੇ ਬਾਕੀਆਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਹੇਠਲੀ ਅਦਾਲਤ ਦੇ ਫ਼ੈਸਲੇ ਵਿਰੁੱਧ ਦੋਸ਼ੀਆਂ ਨੇ ਦਿੱਲੀ ਹਾਈ ਕੋਰਟ ‘ਚ ਅਪੀਲ ਕੀਤੀ ਸੀ। ਉੱਥੇ ਹੀ ਸੀਬੀਆਈ ਨੇ ਸੱਜਣ ਕੁਮਾਰ ਨੂੰ ਬਰੀ ਕਰਨ ਵਿਰੁੱਧ ਪਟੀਸ਼ਨ ਦਾਖ਼ਲ ਕੀਤੀ ਸੀ।

Share this Article
Leave a comment