ਚੰਡੀਗੜ੍ਹ: ਪੰਜਾਬ ਵਿੱਚ ਅੱਜ ਪੰਚਾਇਤੀ ਚੋਣਾਂ ਦੀ ਵੋਟਿੰਗ ਜਾਰੀ ਹੈ। ਇਸ ਦੌਰਾਨ ਡਿਊਟੀ ‘ਤੇ ਤਾਇਨਾਤ ਇੱਕ ਅਧਿਆਪਕ ਤੇ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਤੋਂ ਪੰਚਾਇਤੀ ਚੋਣ ਡਿਊਟੀ ਲਈ ਜਲੰਧਰ ਆਏ ਇਕ ਅਧਿਆਪਕ ਦੀ ਸੋਮਵਾਰ ਰਾਤ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਉੱਧਰ ਬਰਨਾਲਾ ਵਿੱਚ ਵੀ ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ 53 ਸਾਲਾ ਲੱਖਾ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਅਧਿਆਪਕ ਅਮਰਿੰਦਰ ਸਿੰਘ ਰਾਤ ਕਰੀਬ 10 ਵਜੇ ਪੋਲਿੰਗ ਬੂਥ ’ਤੇ ਆਪਣੇ ਕਮਰੇ ’ਚ ਆਰਾਮ ਕਰ ਰਹੇ ਸਨ। ਇਸ ਦੌਰਾਨ ਉਸ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਅਮਰਿੰਦਰ ਸਿੰਘ ਡਿਊਟੀ ਲਈ ਫਾਜ਼ਿਲਕਾ ਤੋਂ ਜਲੰਧਰ ਆਏ ਹੋਏ ਸਨ। ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਇਹ ਦਿਲ ਦਾ ਦੌਰਾ ਪੈਣ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮਾਮਲਾ ਸਪੱਸ਼ਟ ਹੋਵੇਗਾ। ਐੱਸਐੱਚਓ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਮੁਲਾਜ਼ਮ ਦੀ ਮੌਤ ਦਾ ਕਾਰਨ ਵੀ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਸ ਨੂੰ ਤੁਰੰਤ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਪੁਲਿਸ ਮੁਲਾਜ਼ਮ ਆਈਆਰਬੀ ਬਰਨਾਲਾ ਵਿਖੇ ਚੋਣ ਡਿਊਟੀ ’ਤੇ ਸਨ। ਉਹ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਛੀਨਾ ਦਾ ਵਸਨੀਕ ਸੀ। ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਮੁਲਾਜ਼ਮ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।