ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਕਰੋੜਾਂ ਦਾ ਆਫਰ ਮਿਲਣ ਦਾ ਦਾਅਵਾ ਕੀਤਾ ਹੈ। ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਮੁਤਾਬਕ ਉਨ੍ਹਾਂ ਨੂੰ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ, ਜਦਕਿ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਉਨ੍ਹਾਂ ਨੂੰ 5 ਕਰੋੜ ਰੁਪਏ ਅਤੇ ਲੋਕ ਸਭਾ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ। ਦੋਵਾਂ ਵਿਧਾਇਕਾਂ ਨੂੰ ਇਹ ਆਫਰ ਫੋਨ ‘ਤੇ ਮਿਲੇ ਹਨ। ਜਿਸ ਤੋਂ ਬਾਅਦ ਉਹਨਾਂ ਵਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹਨਾਂ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਵਟਸਐਪ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਦਿੱਲੀ ਦੇ ਸੇਵਕ ਸਿੰਘ ਵਜੋਂ ਦੱਸੀ। ਉਨ੍ਹਾਂ ਭਾਜਪਾ ਵਿੱਚ ਸ਼ਾਮਲ ਹੋਣ ਲਈ 5 ਕਰੋੜ ਰੁਪਏ ਅਤੇ ਲੋਕ ਸਭਾ ਟਿਕਟ ਦੀ ਪੇਸ਼ਕਸ਼ ਕੀਤੀ। ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਉਹ ਲੋਕ ਸਭਾ ਦੀ ਟਿਕਟ ਨਹੀਂ ਚਾਹੁੰਦੇ ਤਾਂ ਉਨ੍ਹਾਂ ਨੂੰ ਪਾਰਟੀ ਵਿੱਚ ਕੋਈ ਹੋਰ ਅਹੁਦਾ ਮਿਲੇਗਾ। ਉਹਨਾਂ ਨੇ ਕਿਹਾ ਕਿ ਮੈਂ ਇਸ ਮੁੱਦੇ ‘ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ, ਪਰ ਵਿਅਕਤੀ ਵਲੋਂ ਮੈਨੂੰ ਪ੍ਰਸਤਾਵ ‘ਤੇ ਮੁੜ ਵਿਚਾਰ ਕਰਨ ਦੀ ਪੇਸ਼ਕਸ਼ ਕੀਤੀ ਅਤੇ ਕਿਹਾ ਕਿ ਉਹ ਮੈਨੂੰ ਦੁਬਾਰਾ ਫੋਨ ਕਰੇਗਾ।
ਉਹਨਾਂ ਦੱਸਿਆ ਕਿ ਮੈਨੂੰ ਲਗਾਤਾਰ ਚਾਰ ਦਿਨਾਂ ਤੋਂ ਉਸ ਵਿਅਕਤੀ ਦੇ ਫੋਨ ਆਉਂਦੇ ਰਹੇ। ਫੋਨ ਕਰਨ ਵਾਲੇ ਨੇ ਮੈਨੂੰ ਹਾਈ ਕਮਾਂਡ ਨਾਲ ਮੀਟਿੰਗ ਲਈ ਦਿੱਲੀ ਆਉਣ ਲਈ ਵੀ ਕਿਹਾ। ਹਾਲਾਂਕਿ ਉਨ੍ਹਾਂ ਨੇ ਕਿਸੇ ਨੇਤਾ ਦਾ ਨਾਮ ਨਹੀਂ ਲਿਆ। ਇਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 171 ਈ (ਰਿਸ਼ਵਤਖੋਰੀ) ਅਤੇ ਧਾਰਾ 123 (1) ਦੇ ਤਹਿਤ ਅਣਪਛਾਤੇ ਕਾਲਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ।
ਉੱਥੇ ਹੀ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਵਿਧਾਇਕ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਨੂੰ ਚਾਰ ਦਿਨ ਪਹਿਲਾਂ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਸੇਵਕ ਸਿੰਘ ਵਜੋਂ ਕੀਤੀ ਹੈ। ਉਹਨਾਂ ਨੇ 25 ਕਰੋੜ ਰੁਪਏ ਲੈ ਕੇ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਲਈ ਦਬਾਅ ਪਾਇਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਅਤੇ ਲੋਕ ਸਭਾ ਚੋਣ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਉਹਨਾਂ ਨੇ ਇਨਕਾਰ ਕਰ ਦਿੱਤਾ।