ਸਸਤੀਆਂ ਦਰਾਂ ‘ਤੇ ਰੇਤਾ ਮੁਹੱਈਆ ਕਰਨ ਲਈ 5 ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਕੀਤੀਆਂ ਲੋਕਾਂ ਨੂੰ ਸਮਰਪਿਤ: CM ਮਾਨ

Rajneet Kaur
3 Min Read

ਮੋਗਾ : ਸੂਬੇ ਵਿੱਚ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਤਾਂ ਕਿ ਰੇਤੇ ਦੀ ਪਿੱਟ ਹੈੱਡ ਤੋਂ ਕੀਮਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਜ਼ਿਲ੍ਹਾ ਮੋਗਾ ਦੇ ਪਿੰਡ ਸੰਘੇੜਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜਨਤਕ ਖੱਡਾਂ ਸ਼ੁਰੂ ਕਰਨ ਦੇ ਤੀਜੇ ਪੜਾਅ ਤਹਿਤ ਹੁਣ ਲੁਧਿਆਣਾ, ਫਿਰੋਜ਼ਪੁਰ, ਮੋਗਾ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹਿਆਂ ਦੀਆਂ 20 ਨਵੀਆਂ ਖੱਡਾਂ ਸ਼ੁੱਕਰਵਾਰਾਂ ਨੂੰ ਕਾਰਜਸ਼ੀਲ ਹੋਈਆਂ, ਜਿਸ ਨਾਲ ਸੂਬੇ ਭਰ ਵਿੱਚ ਚੱਲ ਰਹੀਆਂ ਜਨਤਕ ਖੱਡਾਂ ਦੀ ਗਿਣਤੀ ਵਧ ਕੇ 55 ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 150 ਜਨਤਕ ਖੱਡਾਂ ਨੂੰ ਕਾਰਜਸ਼ੀਲ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਵਿੱਚ ਵਧੇ-ਫੁੱਲੇ ਰੇਤ ਮਾਫ਼ੀਆ ਦੀ ਜੜ੍ਹ ਵੱਢ ਦਿੱਤੀ ਹੈ ਤਾਂ ਕਿ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਹੋ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਜਨਤਕ ਖੱਡਾ ਉੱਤੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਵਿਕਰੀ ਕੀਤੀ ਜਾਵੇਗੀ, ਜਿਸ ਨਾਲ ਰਾਜ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾ ਵਿੱਚ ਕੇਵਲ ਹੱਥਾਂ ਨਾਲ ਹੀ ਰੇਤੇ ਦੀ ਖੁਦਾਈ ਕਰਨ ਦੀ ਆਗਿਆ ਹੋਵੇਗੀ, ਜਦੋਂ ਕਿ ਮਸ਼ੀਨਾਂ ਰਾਹੀਂ ਖੁਦਾਈ ਦਾ ਕਾਰਜ ਨਹੀਂ ਕੀਤਾ ਜਾ ਸਕੇਗਾ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਦੀਆਂ 35 ਜਨਤਕ ਖੱਡਾਂ ਰਾਹੀਂ 5.82 ਲੱਖ ਮੀਟਰਿਕ ਟਨ ਰੇਤੇ ਦੀ ਖਰੀਦ ਲੋਕਾਂ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ 20 ਨਵੀਆਂ ਖੱਡਾ ਸ਼ੁਰੂ ਹੋਣ ਦੇ ਨਾਲ 18.29 ਲੱਖ ਮੀਟਰਿਕ ਟਨ ਰੇਤਾ ਲੋਕਾਂ ਨੂੰ ਮੁਹੱਈਆ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੱਡਾਂ ਨਾਲ ਸਸਤਾ ਰੇਤਾ ਹੀ ਨਹੀਂ ਮਿਲੇਗਾ, ਸਗੋਂ ਸਿੱਧੇ ਅਤੇ ਅਸਿੱਧੇ ਢੰਗ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 5 ਕਰੋੜ ਰੁਪਏ ਇਨ੍ਹਾਂ ਖੱਡਾਂ ਵਿੱਚ ਮਜ਼ਦੂਰੀ ਕਰਨ ਵਾਲੇ ਲੋਕਾਂ ਵੱਲੋਂ ਕਮਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਨ੍ਹਾਂ ਖੱਡਾਂ ਤੋਂ ਸਿਰਫ਼ ਗੈਰ-ਵਪਾਰਿਕ ਪ੍ਰਾਜੈਕਟਾਂ ਲਈ ਹੀ ਰੇਤੇ ਦੀ ਖਰੀਦ ਕੀਤੀ ਜਾ ਸਕੇਗੀ।

- Advertisement -

ਮੁੱਖ ਮੰਤਰੀ ਨੇ ਕਿਹਾ ਕਿ ਰੇਤ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਮਾਈਨਿੰਗ ਵਾਲੀ ਥਾਂ ‘ਤੇ ਰੇਤ ਦੀ ਨਿਕਾਸੀ ਰੈਗੂਲੇਟ ਕਰਨ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ। ਸੂਬੇ ਵਿੱਚ ਰੇਤ ਮਾਫੀਆ ਪੈਦਾ ਕਰਨ ਅਤੇ ਉਨ੍ਹਾਂ ਦੀ ਪੁਸ਼ਤਪਨਾਹੀ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਇਸ ਮੁੱਦੇ ’ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਨ੍ਹਾਂ ਆਗੂਆਂ ਦਾ ਆਪਣੇ ਲੰਮੇ ਕੁਸ਼ਾਸਨ ਦੌਰਾਨ ਸੂਬੇ ਦੀ ਅੰਨ੍ਹੀ ਲੁੱਟ ਕਰਨ ਵਾਲੇ ਮਾਫੀਆ ਨਾਲ ਸਿੱਧੀ ਮਿਲੀਭੁਗਤ ਸੀ।

Share this Article
Leave a comment