ਪਾਕਿਸਤਾਨ ‘ਚ 200 ਸਾਲ ਪੁਰਾਣਾ ਢਾਹਿਆ ਗੁਰਦੁਆਰਾ ਸਾਹਿਬ ,ਹੁਣ ਬਣੇਗਾ ਮਾਲ , ਭਾਜਪਾ ਬੁਲਾਰੇ ਨੇ ਜਾਂਚ ਦੀ ਕੀਤੀ ਮੰਗ

Global Team
3 Min Read

ਨਿਊਜ਼ ਡੈਸਕ: ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਇੱਕ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹ ਦਿੱਤਾ ਗਿਆ ਹੈ। ਹੁਣ ਇਸ ਜਗ੍ਹਾ ‘ਤੇ ਇੱਕ ਮਾਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਥੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਸੀ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਉਥੋਂ ਦੇ ਸਿੱਖ ਭਾਈਚਾਰੇ ਵੱਲੋਂ ਇਸਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ, ਪਰੰਤੂ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।

BJP ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇੱਕ ਟਵੀਟ ਵਿੱਚ ਕਿਹਾ ਕਿ ਬਲੋਚਿਸਤਾਨ ਸਿੱਖ ਕੌਂਸਲ ਦੇ ਅਨੁਸਾਰ, ਇਹ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਵਿਰਾਸਤ ਦੇ ਯੋਜਨਾਬੱਧ ਵਿਨਾਸ਼ ਅਤੇ ਹੌਲੀ-ਹੌਲੀ ਮਿਟਾਉਣ ਦੀ ਇੱਕ ਹੋਰ ਬਹੁਤ ਚਿੰਤਾਜਨਕ ਉਦਾਹਰਣ ਹੈ। ਸਿੱਖ ਭਾਈਚਾਰੇ ਤੋਂ ਪ੍ਰਾਪਤ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਬਲੋਚਿਸਤਾਨ ਵਿੱਚ ਕਦੇ 12 ਗੁਰਦੁਆਰਾ ਸਾਹਿਬ ਸਨ, ਜਿਨ੍ਹਾਂ ਵਿੱਚੋਂ ਹੁਣ ਸਿਰਫ਼ 2 ਹੀ ਬਚੇ ਹਨ। ਇਸ ਦੌਰਾਨ, ਪੂਰੇ ਪਾਕਿਸਤਾਨ ਵਿੱਚ ਇਤਿਹਾਸਕ ਸਿੱਖ ਧਾਰਮਿਕ ਸਥਾਨਾਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ।

ਇਸ ਮਾਮਲੇ ਨੂੰ ਚੁੱਕਦਿਆਂ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੁਰਜ਼ੋਰ ਅਪੀਲ ਕਰਦੇ ਹਨ ਕਿ ਇਸ ਮਾਮਲੇ ਨੂੰ ਤੁਰੰਤ ਪਾਕਿਸਤਾਨ ਸਰਕਾਰ ਦੇ ਸਾਹਮਣੇ ਚੁੱਕਿਆ ਜਾਵੇ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੇ ਮਾਮਲੇ ਦੀ ਪੂਰੀ ਅਤੇ ਸੁਤੰਤਰ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ।

ਆਰਪੀ ਸਿੰਘ ਨੇ ਕਿਹਾ ਕਿ ਗੁਰਦੁਆਰਾ ਢਾਹੁਣ ਅਤੇ ਉਸ ਤੋਂ ਬਾਅਦ ਉੱਥੇ ਵਪਾਰਕ ਨਿਰਮਾਣ ਕਰਵਾਉਣ ਲਈ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਭਾਰਤ ਸਰਕਾਰ ਪਹਿਲਾਂ ਹੀ ਫਾਰੂਕਾਬਾਦ ਸਥਿਤ 125 ਸਾਲ ਪੁਰਾਣੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਨੂੰ ਹਾਲ ਹੀ ਵਿੱਚ ਢਾਹੇ ਜਾਣ ਦੀ ਸਖ਼ਤ ਨਿੰਦਾ ਕਰ ਚੁੱਕੀ ਹੈ। ਸਰਕਾਰ ਨੇ ਇਸ ਨੂੰ “ਬਹੁਤ ਹੀ ਨਿੰਦਣਯੋਗ ਅਤੇ ਨਿਸ਼ਾਨਾ ਬਣਾ ਕੇ ਕੀਤੀ ਗਈ ਤੋੜਫੋੜ” ਕਰਾਰ ਦਿੰਦਿਆਂ ਗੁਰਦੁਆਰੇ ਦੀ ਮੁੜ ਬਹਾਲੀ ਦੀ ਮੰਗ ਕੀਤੀ ਹੈ।

ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਤੁਰੰਤ ਨੋਟਿਸ ਲੈਣ ਦੀ ਅਪੀਲ ਕੀਤੀ ਗਈ ਹੈ। ਐਕਸ ‘ਤੇ ਪੋਸਟ ਕਰਦਿਆਂ ਆਰਪੀ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਵਿਰਾਸਤ ਦੇ ਕਥਿਤ ਵਿਨਾਸ਼ ਦੇ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਖ਼ਤ ਅਤੇ ਸਪੱਸ਼ਟ ਬਿਆਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਅੱਜ ਇਤਿਹਾਸਕ ਗੁਰਦੁਆਰਿਆਂ ਨੂੰ ਢਾਹ ਦਿੱਤਾ ਜਾਵੇ ਅਤੇ ਕੱਲ੍ਹ ਉਸੇ ਥਾਂ ‘ਤੇ ਮਾਲ ਖੜ੍ਹੇ ਕਰ ਦਿੱਤੇ ਜਾਣ, ਤਾਂ ਦੁਨੀਆ ਮੂਕ ਦਰਸ਼ਕ ਬਣ ਕੇ ਨਹੀਂ ਰਹਿ ਸਕਦੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment