ਫਰੀਦਕੋਟ/ਗੁਰੂਗ੍ਰਾਮ: ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦੇ ਮੁੱਖ ਸਾਜ਼ਿਸ਼ਘਾੜੇ ਅਤੇ ਡੇਰਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਨੂੰ ਫਰੀਦਕੋਟ ਪੁਲਿਸ ਨੇ ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕਰ ਲਿਆ ਹੈ। ਸੂਚਨਾ ਅਨੁਸਾਰ ਪ੍ਰਦੀਪ ਕਲੇਰ ਦੇ ਨਾਲ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿੰਨਾਂ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ।
ਬੇਅਦਬੀ ਕਾਂਡ ਦੇ ਤਿੰਨ ਕੇਸਾਂ ਵਿੱਚ ਅਦਾਲਤ ਵਲੋਂ ਪ੍ਰਦੀਪ ਕਲੇਰ ਨੂੰ ਉਸਦੇ ਸਾਥੀਆਂ ਸਮੇਤ ਭਗੌੜਾ ਐਲਾਨਿਆ ਹੋਇਆ ਸੀ। ਫਰੀਦਕੋਟ ਪੁਲਿਸ ਪ੍ਰਦੀਪ ਕਲੇਰ ਅਤੇ ਉਸ ਦੇ ਬਾਕੀ ਤਿੰਨ ਸਾਥੀਆਂ ਦੀ ਜਾਇਦਾਦ ਦੀ ਜਾਂਚ ਕਰ ਰਹੀ ਸੀ। ਇਸੇ ਦੌਰਾਨ ਪਤਾ ਲੱਗਾ ਕਿ ਪ੍ਰਦੀਪ ਕਲੇਰ ਉੱਤਰ ਪ੍ਰਦੇਸ਼ ਵਿੱਚ ਰਹਿ ਰਿਹਾ ਹੈ।
ਇੱਕ ਫੋਟੋ ਸੋਸ਼ਲ ਮੀਡੀਆ ਤੇ ਆਉਣ ਮਗਰੋਂ ਸੀ.ਆਈ.ਏ ਸਟਾਫ ਫਰੀਦਕੋਟ ਦੀ ਇੱਕ ਟੀਮ ਨੇ ਉੱਤਰ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ ਸੀ ਜਿੱਥੋਂ ਪ੍ਰਦੀਪ ਕਲੇਰ ਅਤੇ ਦੋ ਹੋਰ ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ। ਪ੍ਰਦੀਪ ਕਲੇਰ ਅਤੇ ਉਸ ਦੇ ਤਿੰਨ ਸਾਥੀਆਂ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਕਰਕੇ ਉਸ ਦੇ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਛਾਪਣ ਦੇ ਦੋਸ਼ ਲੱਗੇ ਸਨ।
ਐਸਆਈਟੀ ਦੀ ਚਾਰਜਸ਼ੀਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬਰਗਾੜੀ ਬੇਅਦਬੀ ਦੀਆਂ ਘਟਨਾਵਾਂ ਦੀ ਸਾਜ਼ਿਸ਼ ਮਹਿੰਦਰਪਾਲ ਬਿੱਟੂ ਨਾਲ ਮਿਲ ਕੇ ਇਨ੍ਹਾਂ ਤਿੰਨਾਂ ਨੇ ਰਚੀ ਸੀ। ਬੇਅਦਬੀ ਤੋਂ ਪਹਿਲਾਂ ਡੇਰਾ ਸਿਰਸਾ ਦੇ ਪ੍ਰਬੰਧਕਾਂ ਨੇ ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਨੂੰ ਮਾਰਨ ਦੀ ਸਾਜ਼ਿਸ਼ ਵੀ ਰਚੀ ਸੀ ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ।
ਜਾਣਕਾਰੀ ਮੁਤਾਬਕ ਪ੍ਰਦੀਪ ਦੇ ਨਾਲ ਇੱਕ ਔਰਤ ਤੇ ਦੋ ਹੋਰ ਲੋਕਾਂ ਨੂੰ ਵੀ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦ ਹੀ ਤਿੰਨਾਂ ਨੂੰ ਹਰਿਆਣਾ ਦੇ ਗੁਰੂਗ੍ਰਾਮ ਤੋਂ ਪ੍ਰੋਡਕਸ਼ਨ ਵਾਰੰਟ ਹਾਸਲ ਕਰਕੇ ਪੰਜਾਬ ਲਿਆਂਦਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।