ਚੰਡੀਗੜ੍ਹ: ਆਮ ਆਦਮੀ ਪਾਰਟੀ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈ, ਸਰਕਾਰ ਵਲੋਂ ਲਗਾਤਾਰ ਕਈ ਫੈਸਲੇ ਲਏ ਜਾ ਰਹੇ ਹਨ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਵਿਜੀਲੈਂਸ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕਰ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਠੇਕੇਦਾਰਾਂ ਦੀ ਯੂਨੀਅਨ ਨੇ ਭਾਰਤ ਭੂਸ਼ਣ ਆਸ਼ੂ ਉੱਪਰ ਕਾਰਜਕਾਲ ਦੇ ਦੌਰਾਨ 2 ਹਜ਼ਾਰ ਕਰੋਡ਼ ਦੇ ਘਪਲੇ ਦਾ ਦੋਸ਼ ਲਗਾਇਆ ਹੈ।
ਜਾਣਕਾਰੀ ਮੁਤਾਬਕ ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। ਵਿਜੀਲੈਂਸ ਇਹ ਪਤਾ ਲਗਾਵੇਗੀ ਕਿ 2017-18 ਵਿੱਚ ਪੰਜਾਬ ਦੀਆਂ ਲਗਭਗ 2500 ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਮੁਹੱਈਆ ਕਰਵਾਉਣ ਦੇ ਟੈਂਡਰਾਂ ‘ਤੇ ਕਿੰਨਾ ਖਰਚ ਹੋਇਆ ਅਤੇ 2020 ਵਿੱਚ ਕਿੰਨਾ ਖਰਚ ਹੋਇਆ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਵਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਇੱਕ ਹੋਰ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਖਿਲਾਫ ਵੀ ਐੱਫ ਆਈ ਆਰ ਦਰਜ ਕੀਤੀ ਗਈ ਹੈ। ਗਿਲਜੀਆਂ ਚਰਨਜੀਤ ਚੰਨੀ ਸਰਕਾਰ ‘ਚ ਜੰਗਲਾਤ ਮੰਤਰੀ ਸਨ। ਇਸ ਦੇ ਨਾਲ ਹੀ ਸਰਕਾਰ ਦੀ ਸਾਬਕਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਖਿਲਾਫ ਵੀ ਜਾਂਚ ਸ਼ੁਰੂ ਹੋ ਗਈ ਹੈ।