ਚੰਡੀਗੜ੍ਹ: ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਤੋਂ ਭਾਰਤ ਲਈ ਇੱਕ ਜਹਾਜ਼ ਭੇਜਿਆ ਹੈ। ਗੈਰ-ਕਾਨੂੰਨੀ ਭਾਰਤੀਆਂ ਨੂੰ ਲੈ ਕੇ ਜਾਣ ਵਾਲਾ ਟਰਾਂਸਪੋਰਟ ਜਹਾਜ਼ 205 ਲੋਕਾਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਲਈ ਰਵਾਨਾ ਹੋਇਆ ਹੈ ਅਤੇ ਇਨ੍ਹਾਂ ਸਾਰਿਆਂ ਦੀ ਪਛਾਣ ਕਰ ਲਈ ਗਈ ਹੈ। ਅਮਰੀਕੀ ਫੌਜ ਦਾ ਜਹਾਜ਼ ਸੀ-17 ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਜਿਸ ਵਿੱਚ ਭਾਰਤ ਦੇ 6 ਰਾਜਾਂ ਤੋਂ ਲੋਕ ਦੁਪਹਿਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣਗੇ।
ਜਾਣਕਾਰੀ ਅਨੁਸਾਰ ਅਮਰੀਕਾ ਤੋਂ ਆਉਣ ਵਾਲੇ ਇਸ ਜਹਾਜ਼ ਵਿਚ ਚਾਲਕ ਦਲ ਦੇ 11 ਮੈਂਬਰ ਅਤੇ 45 ਅਮਰੀਕੀ ਅਧਿਕਾਰੀ ਵੀ ਹੋਣਗੇ, ਜੋ ਕਿ 205 ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰ ਕੇ ਵਾਪਿਸ ਪਰਤਣਗੇ। ਦੱਸ ਦੇਈਏ ਕਿ ਇਸ ਵਿੱਚ 104 ਭਾਰਤੀ ਮੌਜੂਦ ਹੋਣਗੇ, ਜਿਨ੍ਹਾਂ ਵਿੱਚ ਪੰਜਾਬ ਦੇ 30, ਗੁਜਰਾਤ ਦੇ 33, ਯੂਪੀ ਦੇ 3, ਹਰਿਆਣਾ ਦੇ 33, ਚੰਡੀਗੜ੍ਹ ਤੋਂ 2, ਮਹਾਰਾਸ਼ਟਰ ਦੇ 3 ਸ਼ਾਮਿਲ ਹਨ।ਪਹਿਲਾਂ ਫਲਾਈਟ ਸਵੇਰੇ 8 ਵਜੇ ਪਹੁੰਚਣ ਦੀ ਸੂਚਨਾ ਸੀ, ਪਰ ਹੁਣ ਇਹ ਦੁਪਹਿਰ 1 ਵਜੇ ਆਵੇਗੀ ਅਤੇ ਸ਼ਾਮ 4:30 ਵਜੇ ਵਾਪਿਸ ਰਵਾਨਾ ਹੋਵੇਗੀ। ਹਵਾਈ ਅੱਡੇ ‘ਤੇ ਸੁਰੱਖਿਆ ਏਜੰਸੀਆਂ ਇਸ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹਨ। ਡਿਪੋਰਟ ਕੀਤੇ ਗਏ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਤੋਂ ਇਲਾਵਾ ਉਨ੍ਹਾਂ ਦੇ ਸਮੁੱਚੇ ਪਿਛੋਕੜ ਦੀ ਵੀ ਜਾਂਚ ਕੀਤੀ ਜਾਵੇਗੀ। ਜੇਕਰ ਡਿਪੋਰਟ ਕੀਤੇ ਗਏ ਲੋਕਾਂ ‘ਚੋਂ ਕਿਸੇ ਦਾ ਅਪਰਾਧਿਕ ਰਿਕਾਰਡ ਪਾਇਆ ਜਾਂਦਾ ਹੈ ਤਾਂ ਉਸ ਨੂੰ ਏਅਰਪੋਰਟ ‘ਤੇ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਪ੍ਰਕਿਰਿਆ ਵਿੱਚ ਪੂਰਾ ਦਿਨ ਲੱਗ ਸਕਦਾ ਹੈ। ਅਮਰੀਕਾ ਤੋਂ ਡਿਪੋਰਟ ਕੀਤੇ ਗਏ ਇਨ੍ਹਾਂ ਭਾਰਤੀਆਂ ਵਿਚ ਕੁਝ ਅਜਿਹੇ ਲੋਕ ਵੀ ਹੋ ਸਕਦੇ ਹਨ, ਜਿਨ੍ਹਾਂ ਨੇ ਭਾਰਤ ਵਿਚ ਕੋਈ ਅਪਰਾਧ ਕੀਤਾ ਹੈ ਅਤੇ ਅਮਰੀਕਾ ਚਲੇ ਗਏ ਹਨ।
ਅੰਮ੍ਰਿਤਸਰ ਦੇ ਸਾਬਕਾ ਪਾਸਪੋਰਟ ਅਧਿਕਾਰੀ ਜੇ.ਐਸ.ਸੋਢੀ ਨੇ ਦੱਸਿਆ ਕਿ ਡਿਪੋਰਟ ਕੀਤੇ ਜਾਣ ਵਾਲੇ ਹਰ ਵਿਅਕਤੀ ਕੋਲ ਆਪਣਾ ਪਾਸਪੋਰਟ ਨਹੀਂ ਹੈ। ਅਜਿਹੀ ਸਥਿਤੀ ਵਿੱਚ, ਸਬੰਧਿਤ ਭਾਰਤੀ ਦੂਤਾਵਾਸ ਉਨ੍ਹਾਂ ਨੂੰ ਇੱਕ ਸਰਟੀਫਿਕੇਟ ਜਾਰੀ ਕਰਦਾ ਹੈ, ਜੋ ਕਿ ਭਾਰਤ ਵਿੱਚ ਉਤਰਦੇ ਹੀ ਵਾਪਿਸ ਲੈ ਲਿਆ ਜਾਂਦਾ ਹੈ। ਇਹ ਸਰਟੀਫਿਕੇਟ ਜਾਰੀ ਕਰਨ ਤੋਂ ਪਹਿਲਾਂ, ਭਾਰਤੀ ਦੂਤਾਵਾਸ ਸਬੰਧਿਤ ਵਿਅਕਤੀ ਬਾਰੇ ਪੂਰੀ ਜਾਣਕਾਰੀ ਇਕੱਠੀ ਕਰਦਾ ਹੈ ਅਤੇ ਇਹ ਸਰਟੀਫਿਕੇਟ ਤਾਂ ਹੀ ਦਿੱਤਾ ਜਾਂਦਾ ਹੈ ਜੇਕਰ ਸਭ ਕੁਝ ਸਹੀ ਪਾਇਆ ਜਾਂਦਾ ਹੈ। ਸਾਬਕਾ ਪਾਸਪੋਰਟ ਅਧਿਕਾਰੀ ਨੇ ਦੱਸਿਆ ਕਿ ਭਾਰਤ ਪਰਤਣ ਤੋਂ ਬਾਅਦ ਵੀ ਸਥਾਨਕ ਪੁਲਿਸ ਉਨ੍ਹਾਂ ‘ਤੇ ਨਜ਼ਰ ਰੱਖਦੀ ਹੈ। ਉਨ੍ਹਾਂ ਦੀ ਵੈਰੀਫਿਕੇਸ਼ਨ ਦੁਬਾਰਾ ਕੀਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।