ਨਵੀਂ ਦਿੱਲੀ : ਕਿਸਾਨ ਟਰੈਕਟਰ ਪਰੇਡ ਦੌਰਾਨ ਫੈਲੀ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਨੇ ਕਾਰਵਾਈ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਈਸਟਰਨ ਰੇਂਜ ਵਿਚ ਹੁਣ ਤਕ ਲਗਭਗ 22 ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ‘ਚ ਪੱਛਮੀ ਜ਼ਿਲ੍ਹਿਆਂ ਤੇ ਇਕ ਸ਼ਾਹਦਰਾ ਜ਼ਿਲ੍ਹੇ ਵਿੱਚ ਐਫਆਈਆਰ ਹੋਈ ਹੈ। ਇਸ ਤੋਂ ਇਲਾਵਾ ਇੱਕ ਇੱਕ ਨਜਫ਼ਗੜ੍ਹ, ਹਰੀਦਾਸ ਨਗਰ ਅਤੇ ਉੱਤਮ ਨਗਰ ਵਿਚ ਵੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਲਾਲ ਕਿਲ੍ਹੇ ਵਿੱਚ ਕੇਸਰੀ ਝੰਡਾ ਲਹਿਰਾਉਣ ਵਾਲਿਆਂ ਦੀ ਸ਼ਨਾਖ਼ਤ ਵੀ ਕਰ ਰਹੀ ਹੈ।
26 ਜਨਵਰੀ ਮੌਕੇ ਦਿੱਲੀ ਵਿੱਚ ਕਿਸਾਨਾਂ ਵੱਲੋਂ ਵਿਸ਼ਾਲ ਟਰੈਕਟਰ ਪਰੇਡ ਕੱਢੀ ਗਈ ਸੀ। ਜਿਸ ਦੌਰਾਨ ਕਈ ਲੋਕ ਦਿੱਲੀ ਪੁਲਿਸ ਵੱਲੋਂ ਦਿੱਤੇ ਗਏ ਰੂਟ ਮੈਪ ਤੋਂ ਵੱਖ ਹੋ ਕੇ ਮਾਰਚ ਕੱਢਣ ਲੱਗੇ ਸਨ। ਜਦੋਂ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹਿੰਸਕ ਝੜਪ ਹੋਈ ਸੀ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਸਾਰੀਆਂ ਰੋਕਾਂ ਨੂੰ ਤੋੜਦੇ ਹੋਏ ਅੱਗੇ ਵਧਣਾ ਸ਼ੁਰੂ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ, ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਸਨ। ਇਸ ਤੋਂ ਬਾਅਦ ਭੀੜ ਵੱਲੋਂ ਲਾਲ ਕਿਲ੍ਹੇ ‘ਤੇ ਜਾ ਕੇ ਕੇਸਰੀ ਝੰਡਾ ਫਹਿਰਾਇਆ ਗਿਆ ਸੀ। ਇਸ ਸਾਰੇ ਘਟਨਾਕ੍ਰਮ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਹੁਣ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।
ਦਿੱਲੀ ਪੁਲਿਸ ਮੁਤਾਬਕ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਚ ਦੇ ਲਗਭਗ 300 ਜਵਾਨ ਜ਼ਖ਼ਮੀ ਹੋਏ ਹਨ ਅਤੇ ਇਕ ਪ੍ਰਦਰਸ਼ਨਕਾਰੀ ਕਿਸਾਨ ਦੀ ਟਰੈਕਟਰ ਪਲਟਣ ਨਾਲ ਮੌਤ ਹੋਈ ਸੀ। ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਸੰਯੁਕਤ ਕਿਸਾਨ ਮੋਰਚਾ ਨੇ ਨਿੰਦਾ ਕੀਤੀ ਅਤੇ ਕਿਹਾ ਕਿ ਜਿਨ੍ਹਾਂ ਨੇ ਵੀ ਪੁਲਿਸ ਦੀਆਂ ਰੋਕਾਂ ਤੋੜੀਆਂ ਹਨ ਉਹ ਕਿਸਾਨਾਂ ਦੇ ਧਰਨੇ ਦਾ ਹਿੱਸਾ ਨਹੀਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਅਤੇ ਦੀਪ ਸਿੱਧੂ ‘ਤੇ ਹਿੰਸਾ ਫੈਲਾਉਣ ਦੇ ਇਲਜ਼ਾਮ ਲਗਾਏ ਹਨ। ਦੂਸਰੇ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੀ ਹਿੰਸਾ ਦੀ ਨਿੰਦਾ ਕੀਤੀ ਹੈ।