ਟੋਰਾਂਟੋ: ਕੈਨੇਡਾ ‘ਚ ਪੜ੍ਹਾਈ ਕਰਨ ਗਏ 22 ਸਾਲਾ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਰਮਿੰਦਰ ਸਿੰਘ ਵਜੋਂ ਹੋਈ ਹੈ ਤੇ ਉਹ ਪਟਿਆਲਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਹਰਮਿੰਦਰ ਸਿੰਘ 2017 ਵਿਚ ਕੰਪਿਊਟਰ ਦੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਅਤੇ ਪੜ੍ਹਾਈ ਪੂਰੀ ਹੋਣ ਉਪਰੰਤ ਉਸ ਨੇ ਪੀ.ਆਰ. ਅਪਲਾਈ ਕਰ ਦਿੱਤੀ ਸੀ।
ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪੁੱਤਰ ਨਾਲ ਹਰ ਰੋਜ਼ ਫੋਨ ‘ਤੇ ਗੱਲ ਹੁੰਦੀ ਸੀ ਤੇ ਉਸ ਨੇ ਕਦੇ ਵੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਜ਼ਿਕਰ ਨਹੀਂ ਕੀਤਾ, ਪਰ ਬੀਤੀ ਰਾਤ ਕੈਨੇਡਾ ਪੁਲਿਸ ਦੇ ਇਕ ਅਧਿਕਾਰੀ ਦਾ ਫੋਨ ਆਇਆ ਕਿ ਤੁਹਾਡੇ ਬੇਟੇ ਨੇ ਖੁਦਕੁਸ਼ੀ ਕਰ ਲਈ ਹੈ।
ਪੀੜਤ ਪਰਿਵਾਰ ਇਲਾਕਾ ਵਾਸੀਆਂ ਨੇ ਕੇਂਦਰ ਸਰਕਾਰ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਲਿਆਉਣ ‘ਚ ਸਹਾਇਤਾ ਕੀਤੀ ਜਾਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਹੀ ਪੰਜਾਬ ਦੇ ਤਿੰਨ ਨੌਜਵਾਨਾਂ ਦੀ ਕੈਨੇਡਾ ਦੀਆਂ ਵੱਖ ਵੱਖ ਝੀਲਾਂ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ।