ਈਰਾਨ ਦੀ ਉਪ ਰਾਸ਼ਟਰਪਤੀ ਵੀ ਕੋਰੋਨਾਵਾਇਰਸ ਨਾਲ ਪ੍ਰਭਾਵਿਤ, ਹੁਣ ਤੱਕ 26 ਲੋਕਾਂ ਦੀ ਮੌਤ!

TeamGlobalPunjab
2 Min Read

ਤਹਿਰਾਨ : ਈਰਾਨ ਦੀ ਉਪ ਰਾਸ਼ਟਰਪਤੀ ਮਾਸੂਮੇਹ ਇਬਟੇਕਾਰ ਵੀ ਜਾਨਲੇਵਾ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।ਸਰਕਾਰੀ ਸਮਾਚਾਰ ਏਜੰਸੀ ਆਈਆਰਐਨਏ ਅਨੁਸਾਰ ਏਬਟੇਕਰ ਦਾ ਉਨ੍ਹਾਂ ਦੇ ਘਰ ਵਿੱਚ ਹੀ ਇਲਾਜ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਬਟੇਕਾਰ ਮਹਿਲਾ ਤੇ ਪਰਿਵਾਰਕ ਮਾਮਲਿਆਂ ਦੀ ਉਪ ਰਾਸ਼ਟਰਪਤੀ ਹਨ। ਕੋਰੋਨਾਵਾਇਰਸ ਈਰਾਨ ਦੇ 25 ਤੋਂ ਵੱਧ ਰਾਜਾਂ ‘ਚ ਪੂਰੀ ਤਰ੍ਹਾਂ ਫੈਲ ਚੁੱਕਾ ਹੈ। ਈਰਾਨ ‘ਚ ਕੋਰੋਨਾਵਾਇਰਸ ਨਾਲ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 250 ਦੇ ਕਰੀਬ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ।

ਈਰਾਨ ਸਿਹਤ ਮੰਤਰਾਲੇ ਦੇ ਬੁਲਾਰੇ ਕਿਨੋਸ਼ ਜਹਾਨਪੌਰ ਨੇ ਵੀਰਵਾਰ ਨੂੰ ਦੱਸਿਆ ਕਿ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਉਪ ਸਿਹਤ ਮੰਤਰੀ ਦੇ ਮੀਡੀਆ ਸਲਾਹਕਾਰ ਅਲੀਰਜਾ ਵਹਾਬਜਾਦੇਹ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਪ ਸਿਹਤ ਮੰਤਰੀ ਇਰਾਜ ਹਰੀਚੀ ਕੋਰੋਨਾ ਵਾਇਰਸ ਦੀ ਰਿਪੋਰਟ ਸਕਾਰਾਤਮਕ ਪਾਈ ਗਈ ਹੈ।ਪ੍ਰਭਾਵਿਤ ਖੇਤਰਾਂ ‘ਚ ਪੈਂਦੇ ਸਕੂਲ ਤੇ ਯੂਨੀਵਰਸਿਟੀਆਂ ਨੂੰ ਇੱਕ ਹਫਤੇ ਲਈ ਬੰਦ ਕਰ ਦਿੱਤਾ ਗਿਆ ਹੈ।

ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਦੇ ਮੁਖੀ ਟੈਡ੍ਰਾਸ ਐਡੇਨੋਮ ਗੈਬਰੇਜ ਨੇ ਕਿਹਾ ਕਿ ਕੋਰੋਨਾਵਾਇਰਸ ਨਾਮਕ ਮਹਾਂਮਾਰੀ ਹੁਣ ਨਿਰਣਾਇਕ ਮੋੜ ‘ਤੇ ਪਹੁੰਚ ਚੁੱਕੀ ਹੈ। ਉਨ੍ਹਾਂ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਦੇਸ਼ਾਂ ਨੂੰ ਇਸ ‘ਤੇ ਕਾਬੂ ਪਾਉਣ ਲਈ ਸਖਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

ਕੋਰੋਨਾਵਾਇਰਸ ਦੇ ਵਧਦੇ ਪ੍ਰਭਾਵ ਕਾਰਨ ਪਾਕਿਸਤਾਨ ਨੇ ਈਰਾਨ ਜਾਣ ਅਤੇ ਆਉਣ ਵਾਲੀਆਂ ਸਾਰੀਆਂ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਪਾਕਿਸਤਾਨ ਵਿੱਚ ਦੋ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਦੋਵੇਂ ਵਿਅਕਤੀ ਈਰਾਨ ਦੀ ਯਾਤਰਾ ਤੋਂ ਕਰਾਂਚੀ (ਪਾਕਿਸਤਾਨ) ਵਾਪਸ ਪਰਤੇ ਸਨ।

- Advertisement -

ਤਾਜ਼ਾ ਜਾਣਕਾਰੀ ਅਨੁਸਾਰ ਚੀਨ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2,744 ਤੱਕ ਪਹੁੰਚ ਚੁੱਕੀ ਹੈ ਤੇ 78,497 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋਏ ਹਨ। ਚੀਨ ਦੇ ਸਿਹਤ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ‘ਚ ਵਾਇਰਸ ਨਾਲ 29 ਲੋਕਾਂ ਦੀ ਮੌਤ ਹੋਈ ਹੈ ਤੇ 433 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

Share this Article
Leave a comment