ਅਮਰੀਕਾ ‘ਚ 26 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

TeamGlobalPunjab
2 Min Read

ਇੰਡੀਆਨਾ: ਅਮਰੀਕਾ ਦੇ ਸੂਬੇ ਇੰਡੀਆਨਾ ‘ਚ 26 ਸਾਲਾ ਪੰਜਾਬੀ ਨੌਜਵਾਨ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਪਟਿਆਲਾ ਜ਼ਿਲ੍ਹੇ ਦੇ ਪਿੰਡ ਮਾਣਕਪੁਰ ਖੇੜਾ ਦੇ ਰਣਜੀਤ ਸਿੰਘ ਵਜੋਂ ਹੋਈ ਹੈ। ਰਣਜੀਤ ਸਿੰਘ ਇੱਕ ਸਾਲ ਪਹਿਲਾਂ ਹੀ ਅਮਰੀਕਾ ਆਇਆ ਸੀ।

ਰਣਜੀਤ ਸਿੰਘ ਦੇ ਦੋਸਤ ਸਿਮਰਨਜੀਤ ਸਿੰਘ ਵੱਲੋਂ ਉਸ ਦੇ ਅੰਤਿਮ ਸਸਕਾਰ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ gofundme ਪੇਜ ਸਥਾਪਤ ਕੀਤਾ ਗਿਆ ਹੈ। gofundme ਪੇਜ ‘ਤੇ ਸਾਂਝੀ ਕੀਤੀ ਗਈ ਖਬਰ ਮੁਤਾਬਕ ਰਣਜੀਤ ਸਿੰਘ ਗੈਸ ਸਟੇਸ਼ਨ ‘ਤੇ ਕੰਮ ਕਰਦਾ ਸੀ। ਜਦੋਂ ਉਹ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ ਤਾਂ ਉਸ ਨੂੰ ਕਿਸੇ ਨੇ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਰਣਜੀਤ ਸਿੰਘ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਇੰਡੀਆਨਾ ਸੂਬੇ ਦੇ ਡੈਵਿਲ ਅਤੇ ਮਨਸੀ ਸ਼ਹਿਰਾਂ ‘ਚ ਬੀਤੇ ਵੀਰਵਾਰ ਨੂੰ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ ਅਤੇ ਦੋ ਦੀ ਮੌਤ ਹੋ ਗਈ। ਉੱਥੇ ਹੀ ਪੁਲੀਸ ਵੱਲੋਂ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ, ਪਰ gofundme ਪੇਜ ਸਥਾਪਤ ਕਰਨ ਵਾਲੇ ਸਿਮਰਨਜੀਤ ਸਿੰਘ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਹੀ ਲੱਗ ਰਿਹਾ ਹੈ ਕਿ ਰਣਜੀਤ ਸਿੰਘ ਦੀ ਮੌਤ ਇਨ੍ਹਾਂ ਗੋਲੀਬਾਰੀ ਦੀਆਂ ਘਟਨਾਵਾਂ ‘ਚ ਹੀ ਹੋਈ ਸੀ।

ਸਿਮਰਨਜੀਤ ਸਿੰਘ ਵੱਲੋਂ ਅਮਰੀਕਾ ‘ਚ ਵਸਦੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਗਈ ਹੈ ਕਿ ਰਣਜੀਤ ਸਿੰਘ ਦੇ ਅੰਤਿਮ ਸਸਕਾਰ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਸਹਾਇਤਾ ਕੀਤੀ ਜਾਵੇ।

- Advertisement -

Share this Article
Leave a comment