ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਜਾਰੀ ਕਰੇਗੀ ਮਿੰਨੀ ਬੱਸਾਂ ਦੇ ਪਰਮਿਟ

TeamGlobalPunjab
3 Min Read

ਚੰਡੀਗੜ੍ਹ : ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸਾਲ 2021 ਦੌਰਾਨ ਟਰਾਂਸਪੋਰਟ ਵਿਭਾਗ ਵਿਚ ਕਈ ਲੋਕ ਪੱਖੀ ਨੀਤੀਆਂ ਸ਼ੁਰੂ ਕਰਨ ਦੀ ਗੱਲ ਆਖੀ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਸਵੈਰੁਜ਼ਗਾਰ ਸ਼ੁਰੂ ਕਰਨ ਦੇ ਮਕਸਦ ਨਾਲ ਪੰਜ ਹਜ਼ਾਰ ਮਿੰਨੀ ਬੱਸਾਂ ਦੇ ਪਰਮਿਟ ਦੇਣ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜ ਹਜ਼ਾਰ ਮਿੰਨੀ ਬੱਸ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਮਾਰਚ 2021 ਤੱਕ ਪੂਰੀ ਕਰ ਲਈ ਜਾਵੇਗੀ। ਵਿਭਾਗ ਕੋਲ ਲਗਭਗ 12000 ਦਰਖਾਸਤਾਂ ਇਸ ਸਬੰਧੀ ਪ੍ਰਾਪਤ ਹੋਈਆਂ ਹਨ। ਇਸ ਦੇ ਨਾਲ ਹੀ ਵੱਡੀਆਂ ਬੱਸਾਂ ਦੇ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਵੀ ਮਾਰਚ ਤੋਂ ਸ਼ੁਰੂ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਨਿੱਜੀ ਬੱਸਾਂ ਸਮੇਤ ਸਾਰੀਆਂ ਬੱਸਾਂ ‘ਚ ਵਾਹਨ ਟਰੈਕਿੰਗ ਸਿਸਟਮ ਲਗਾਉਣ ਦੀ ਵੀ ਤਜਵੀਜ਼ ਹੈ। ਪਨਬੱਸ ਦੀਆਂ ਬੱਸਾਂ ਵਿਚ ਇਹ ਸਿਸਟਮ ਲਗਾਇਆ ਜਾ ਚੁੱਕਾ ਹੈ ਜਿਸ ਨਾਲ ਬੱਸ ਦੀ ਮੂਵਮੈਂਟ ਦਾ ਤਾਂ ਪਤਾ ਚੱਲਦਾ ਹੀ ਹੈ, ਟਿਕਟਾਂ ਦੀ ਚੋਰੀ ਚੈੱਕ ਕਰਨ ਵਿਚ ਵੀ ਇਹ ਸਿਸਟਮ ਬਹੁਤ ਲਾਭਕਾਰੀ ਹੈ। ਪੀਆਰਟੀਸੀ ਦੀਆਂ ਬੱਸਾਂ ਵਿਚ ਵੀ ਅਗਲੇ 6 ਮਹੀਨਿਆਂ ਵਿਚ ਇਹ ਸਿਸਟਮ ਲੱਗ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ ਵਿਚ ਪੰਜਾਬ ਕੋਲ 600 ਹੋਰ ਨਵੀਆਂ ਬੱਸਾਂ ਆ ਜਾਣਗੀਆਂ ਜਿਸ ਨਾਲ ਪਬਲਿਕ ਟਰਾਂਸਪੋਰਟ ਦੇ ਖੇਤਰ ਵਿਚ ਲੋਕਾਂ ਨੂੰ ਸਫਰ ਕਰਨ ਦੀ ਜ਼ਿਆਦਾ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪਨਬੱਸ ਲਈ 350 ਬੱਸਾਂ ਅਤੇ ਪੀਆਰਟੀਸੀ ਲਈ 250 ਬੱਸਾਂ ਖਰੀਦੀਆਂ ਜਾਣਗੀਆਂ। ਇਸ ਸਮੇਂ ਪੰਜਾਬ ਰੋਡਵੇਜ਼ ਤੇ ਪਨਬੱਸ ਕੋਲ 1611 ਅਤੇ ਪੀਆਰਟੀਸੀ ਕੋਲ 1121 ਬੱਸਾਂ ਹਨ। ਪੰਜਾਬ ਦੇ ਸਾਰੇ ਬੱਸ ਅੱਡਿਆਂ ਵਿਚ ਸਵਾਰੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਵੀ ਸੂਬਾ ਸਰਕਾਰ ਨੇ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਬੱਸਾਂ ਦੇ ਨਵੇਂ ਟਾਈਮ ਟੇਬਲ ਨੂੰ ਵੀ ਜਲਦ ਲਾਗੂ ਕਰ ਦਿੱਤਾ ਜਾਵੇਗਾ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ 6 ਆਟੋਮੈਟਿਡ ਟੈਸਟ ਸੈਂਟਰ ਸਥਾਪਤ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਨਾਲ ਗੱਡੀਆਂ ਦੀ ਪਾਸਿੰਗ ਆਟੋਮੈਟਿਕ ਸਿਸਟਮ ਨਾਲ ਹੋ ਸਕੇਗੀ। ਉਨ੍ਹਾ ਦੱਸਿਆ ਕਿ ਮਾਹੂਆਣਾ ਅਤੇ ਮੁਕਤਸਰ ਵਿਖੇ ਚੱਲ ਰਹੇ ਡਰਾਈਵਿੰਗ ਲਾਇਸੰਸ ਟੈਸਟ ਟਰੈਕ ਦੇ ਨਾਲ-ਨਾਲ ਹੁਣ ਬਟਾਲਾ ਅਤੇ ਮਲੇਰਕੋਟਲਾ ਵਿਖੇ ਨਵੇਂ ਹੈਵੀ ਡਰਾਈਵਿੰਗ ਟੈਸਟ ਟਰੈਕ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਡਰਾਈਵਿੰਗ ਲਾਇਸੰਸ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਦਰਖਾਸਤਕਰਤਾ ਦੀ ਰਿਹਾਇਸ਼ ‘ਤੇ ਪਹੁੰਚਾਉਣ ਦੀ ਸੁਵਿਧਾ ਸ਼ੁਰੂ ਕਰਨ ਲਈ ਵੀ ਪ੍ਰਕਿਰਿਆ ਜਾਰੀ ਹੈ ਅਤੇ ਜਲਦ ਇਸ ਨੂੰ ਅਮਲੀ ਜਾਮਾ ਪਹਿਣਾ ਦਿੱਤਾ ਜਾਵੇਗਾ।

Share this Article
Leave a comment